ਚੰਡੀਗੜ੍ਹ, 24 ਫਰਵਰੀ, (ਬਿਓਰੋ) : ਬੀਤੇ ਦਿਨੀਂ ਅਜਨਾਲਾ ਵਿੱਚ ਵਾਪਰੀ ਘਟਨਾ ਉਤੇ ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਇਸ ਸਬੰਧੀ ਜ਼ਖਮੀਆਂ ਦੇ ਬਿਆਨਾਂ ਅਤੇ ਘਟਨਾ ਦੀਆਂ ਵੀਡੀਓ ਦੇਖ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਧਰਨਾ ਲਗਾਉਣ ਦਾ ਹਰ ਇਕ ਵਿਅਕਤੀ ਦਾ ਸੰਵਿਧਾਨਿਕ ਹੱਕ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਇਕ ਸਾਂਤਮਈ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੂੰ ਭਰੋਸਾ ਦਿੱਤਾ ਗਿਆ ਸੀ ਜਥੇਬੰਦੀ ਨੂੰ ਜਿੱਥੇ ਰੋਕਿਆ ਜਾਵੇਗਾ ਉਥੇ ਰੁਕ ਜਾਣਗੇ। ਡੀਜੀਪੀ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕੀਤਾ ਗਿਆ, ਜਿਸ ਵਿੱਚ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਘਟਨਾ ਵਿੱਚ ਹਾਕੀ ਖਿਡਾਰੀ ਯੁਵਰਾਜ ਸਿੰਘ ਵੀ ਜ਼ਖਮੀ ਹੋ ਗਏ।
ਡੀਜੀਪੀ ਨੇ ਕਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਹਮਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਹਰ ਮਨੁੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦਾ ਹੈ। ਡੀਜੀਪੀ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਹਮਲਾ ਕਰਨਾ ਬੁਜ਼ਦਿਲ ਲੋਕਾਂ ਦਾ ਕੰਮ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਅਧਿਕਾਰੀ ਤੇ ਕਈ ਮੁਲਾਜ਼ਮ ਜ਼ਖਮ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜ਼ਖ਼ਮੀਆਂ ਦੇ ਬਿਆਨ ਅਤੇ ਵੀਡੀਓ ਦੇਖ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।