ਕਿਹਾ, ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਕੀਤੀ ਜਾਵੇ ਸੈਂਪਲਿੰਗ ਤੇ ਵੈਕਸੀਨੇਸ਼ਨ
ਬਠਿੰਡਾ, 19 ਅਪ੍ਰੈਲ : ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਆਪਣੇ ਦਫ਼ਤਰ ਵਿਖੇ ਜਿਲ੍ਹੇ ਦੇ ਉਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਕੋਵਿਡ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਕੈਂਪਾਂ ਦੌਰਾਨ ਵੱਧ ਤੋਂ ਵੱਧ ਕਰੋਨਾ ਸੈਂਪਲਿੰਗ ਅਤੇ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਵੈਕਸੀਨੇਸ਼ਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ-19 ਸਬੰਧੀ ਪਿੰਡ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਅਤੇ ਕੋਰੋਨਾ ਟੈਸਟਿੰਗ ਕੀਤੀ ਜਾਣੀ ਲਾਜ਼ਮੀ ਬਣਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਰ ਵਾਰ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਏ ਜਾਣ ਅਤੇ ਸੈਨੀਟਾਈਜ਼ਰ ਦਾ ਇਸਤੇਮਾਲ ਕੀਤਾ ਜਾਵੇ। ਆਪਸੀ ਦੂਰੀ ਨੂੰ ਬਰਕਰਾਰ ਅਤੇ ਮੂੰਹ ਹਮੇਸ਼ਾ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕੋਵਿਡ ਟੀਕਾਕਰਨ ਪੂਰੀ ਤਰ੍ਹਾਂ ਸਵੱਛਤ ਹੈ ਅਤੇ ਸਭ ਨੂੰ ਬਿਨਾਂ ਝਿਝਕ ਤੋਂ ਕੋਵਿਡ ਦਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਐਸ.ਡੀ.ਐਮ. ਬਠਿੰਡਾ ਸ਼੍ਰੀ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਐਸ.ਪੀ. ਹੈਡਕੁਆਰਟਰ ਸ਼੍ਰੀ ਸੁਰਿੰਦਰਪਾਲ ਸਿੰਘ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।