ਬਠਿੰਡਾ (ਸੁਰੇਸ਼ ਰਹੇਜਾ) : ਔਰਤਾਂ ਨੂੰ ਸਮਰੱਥ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਸਮਰੱਥ ਔਰਤਾਂ ਤੋਂ ਬਿਨਾਂ ਸਮਾਜ ਤਰੱਕੀ ਨਹੀਂ ਕਰ ਸਕਦਾ। ਕੌਮਾਂਤਰੀ ਮਹਿਲਾ ਦਿਵਸ ’ਤੇ ਉਸ ਸ਼ਕਤੀ ਨੂੰ ਸਿਜਦਾ ਕਰਦੇ ਹਾਂ, ਜੋ ਸਾਡੀਆਂ ਧੀਆਂ ਨੂੰ ਨਿੱਤ ਸਫ਼ਲਤਾ ਦੀਆਂ ਉਚਾਈਆਂ ਵੱਲ ਲਿਜਾ ਰਹੀ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰ ਜੀਤ ਸਿੰਘ ਵਿਰਕ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਕੌਮਾਂਤਰੀ ਮਹਿਲਾ ਦਿਵਸ ਮੌਕੇ ਵਰਚੂਅਲ ਸਮਾਗਮ ਦੌਰਾਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਦੀਪ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਉਨਾਂ ਨਾਲ ਮੌਜੂਦ ਰਹੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਨੇ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚੀਆਂ ਸਾਡੇ ਦੇਸ਼ ਦਾ ਭਵਿੱਖ ਹਨ। ਉਨਾਂ ਕਿਹਾ ਕਿ ਸਾਡੇ ਸਭ ਲਈ ਬੱਚੀਆਂ ਦਾ ਸਤਿਕਾਰ ਕਰਨਾ ਲਾਜ਼ਮੀ ਹੈ। ਦੁਨੀਆਂ ਦੇ ਹਰ ਖੇਤਰ ’ਚ ਔਰਤਾਂ ਨੇ ਮੱਲਾਂ ਮਾਰੀਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਕਿਹਾ ਕਿ ਲੜਕੀਆਂ ਨੂੰ ਕਿਸੇ ਗੱਲੋਂ ਘੱਟ ਨਹੀਂ ਸਮਝਣਾ ਚਾਹੀਦਾ। ਹਰ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀਆਂ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਅਧਿਕਾਰ ਦੇਣ। ਇਸ ਮੌਕੇ ਨਵ ਜੰਮੀਆਂ ਦੇ ਮਾਪਿਆਂ, ਖੇਡਾਂ ਵਿਚ ਮੱਲਾਂ ਮਾਰਨ ਵਾਲੀਆਂ ਹੋਣਹਾਰ ਖਿਡਾਰਨਾਂ, ਸੈਕਸ ਰੇਸ਼ੋ ’ਚ ਵਾਧਾ ਕਰਨ ਵਾਲੀਆਂ ਪੰਚਾਇਤਾਂ ਦੀਆਂ ਮਹਿਲਾ ਸਰਪੰਚਾਂ ਅਤੇ ਆਪੋ-ਆਪਣੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਆਂਗਣਵਾੜੀ ਤੇ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਨੂੰ ਵਿਸ਼ੇਸ਼ ਤੌਰ ’ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ, ਸੀ.ਡੀ.ਪੀ.ਓ ਸੁਨੀਤਾ ਮਿੱਤਲ, ਡਾ. ਬਹਾਦਰ ਸਿੰਘ ਅਤੇ ਮੈਡਮ ਊਸ਼ਾ ਰਾਣੀ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੀਆਂ ਮਹਿਲਾ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।