ਜਲੰਧਰ, 10 ਜਨਵਰੀ (ਕਬੀਰ ਸੌਂਧੀ) : ਸ਼ਹਿਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 330 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਨਸ਼ਿਆਂ ਦੀ ਤਸਕਰੀ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ਼ ਨੇ ਇੱਕ ਸੂਹ ‘ਤੇ ਆਸ਼ੂ ਪੁੱਤਰ ਚੰਨਾ ਸੰਧੂ ਵਾਸੀ ਨੈਸ਼ਨਲ ਐਵੀਨਿਊ, ਰਾਮਾ ਮੰਡੀ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਉਸ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਐਫਆਈਆਰ 13 ਅਧੀਨ 21-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਤੋਂ ਬਾਅਦ ਇਸੇ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਵਿਜੇ ਹੰਸ ਪੁੱਤਰ ਰਾਜ ਕੁਮਾਰ ਵਾਸੀ ਰਾਮ ਤੀਰਥ ਰੋਡ ਅੰਮ੍ਰਿਤਸਰ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਮੁਕੱਦਮੇ ਵਿੱਚ ਐਫ.ਆਈ.ਆਰ.135 ਮਿਤੀ 29.11.2023 ਅਧੀਨ 21-61-85 ਐਨ.ਡੀ.ਪੀ.ਐਸ ਐਕਟ ਥਾਣਾ ਡਿਵੀਜ਼ਨ ਨੰਬਰ 1 ਜਲੰਧਰ ਵਿਖੇ 07.01.2024 ਨੂੰ ਦੋ ਹੋਰ ਮੁਲਜ਼ਮ ਕੁਲਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਆਰ. ਪਿੰਡ ਚੌਹਾਨ ਥਾਣਾ ਜੰਡਿਆਲਾ ਗੁਰੂ ਅੰਮ੍ਰਿਤਸਰ ਅਤੇ ਗੁਰਨਾਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਪੱਕਾ ਸ਼ਹੀਦਾਂ ਥਾਣਾ ਕਾਲੀਆਂ ਵਾਲੀ ਮੰਡੀ ਸਿਰਸਾ ਹਰਿਆਣਾ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਵੇਰਵੇ ਸਾਂਝੇ ਕੀਤੇ ਜਾਣਗੇ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਜਲੰਧਰ ਕਮਿਸ਼ਨਰੇਟ ਪੁਲਿਸ ਨੇ 399 ਗ੍ਰਾਮ ਹੈਰੋਇਨ ਅਤੇ 399 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਜਲੰਧਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦਾ ਇੱਕੋ ਇੱਕ ਉਦੇਸ਼ ਹੈ, ਜਿਸ ਲਈ ਲੋਕਾਂ ਦਾ ਸਹਿਯੋਗ ਅਹਿਮ ਹੈ।