ਬਠਿੰਡਾ, 08 ਅਪ੍ਰੈਲ (ਸੁਰੇਸ਼ ਰਹੇਜਾ) : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ’ਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਪੂਰੀ ਤਰ੍ਹਾਂ ਸੁੱਕੀ ਤੇ ਸਾਫ਼-ਸੁਥਰੀ ਫ਼ਸਲ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੂਚੀ ਖ਼ਰੀਦ ਪ੍ਰਿਆ ਦੇ ਦੌਰਾਨ ਕਿਸਾਨਾਂ ਨੂੰ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਕੁੱਲ 183 ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ। ਖ਼ਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਬਣਾਏ ਜਾ ਰਹੇ ਹਨ। ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਵਲੋਂ ਖਰੀਦਿਆਂ ਜਾਵੇਗਾ।
ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਦੇ ਲਈ ਸ਼ੈਡ, ਪੀਣ ਦਾ ਪਾਣੀ ਅਤੇ ਰੋਸ਼ਨੀ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਸਫਾਈ ਦੀ ਵਿਵਸਥਾ ਦੇ ਕਾਰਜ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਲਈ ਸਾਫ਼ ਪੀਣ ਵਾਲੇ ਪਾਣੀ ਦਾ ਖ਼ਾਸ ਪ੍ਰਬੰਧ ਕੀਤਾ ਜਾ ਰਿਹਾ।