ਅੰਮਿ੍ਤਸਰ, 30 ਸਤੰਬਰ (ਕੰਵਲਜੀਤ ਸਿੰਘ ਲਾਡੀ,ਦਵਿੰਦਰ ਸਿੰਘ ਸਹੋਤਾ) : ਪੰਜਾਬ ਦੇ ਕੈਬਿਨਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਕਰੀ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਨੈੱਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਧਾਰੀਵਾਲ ਚਮਿਆਰੀ ਰੋਡ ਤੋਂ ਗੁਰਦੁਆਰਾ ਸਾਹਿਬ ਤੱਕ ਅਤੇ ਰਮਦਾਸ ਕਮਾਲ ਰੋਡ ਤੋਂ ਬਾਬਾ ਬੁੱਢਾ ਸਾਹਿਬ ਸਮਾਧ ਤੱਕ ਦੀਆਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਨ੍ਹਾਂ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਤਹਿਤ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸੁਚੱਜਾ ਸੜਕੀ ਸੰਪਰਕ ਬਣਾਉਣ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੜਕਾਂ ਦੀ ਲੋੜੀਂਦੀ ਮੁਰੰਮਤ ਦੇ ਨਾਲ-ਨਾਲ ਨਵੀਆਂ ਸੜਕਾਂ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਲਈ ਆਵਾਜਾਈ ਨੂੰ ਹੋਰ ਆਸਾਨ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਸ਼ਹਿਰਾਂ ਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਜਾਵੇਗੀ, ਜਿਸ ਲਈ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ।