ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਜਲੰਧਰ ਪੁੱਜਣ ’ਤੇ ਨਿੱਘਾ ਸਵਾਗਤ, ਜ਼ਿਲ੍ਹਾ ਪ੍ਰਸਾਸ਼ਨ ਨੇ ਦਿੱਤਾ ਗਾਰਡ ਆਫ ਆਨਰ
ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸੌਂਪੀ ਜਿੰਮੇਵਾਰੀ ਲਈ ਪ੍ਰਗਟਾਇਆ ਧੰਨਵਾਦ
ਕਿਹਾ – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪਹਿਲ ਦੇ ਅਧਾਰ ’ਤੇ ਲਾਗੂ ਕਰਨ ਨੁੂੰ ਦਿੱਤੀ ਜਾਵੇਗੀ ਤਰਜ਼ੀਹ
ਜਲੰਧਰ, 24 ਸਤੰਬਰ (ਕਬੀਰ ਸੌਂਧੀ) : ਪੰਜਾਬ ਦੇ ਰੱਖਿਆ ਸੇਵਾਵਾਂ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਉਪਰੰਤ ਜਲੰਧਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਸਮਰਥਕਾਂ ਅਤੇ ਪਾਰਟੀ ਵਰਕਰਾਂ ਵਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਕੈਬਨਿਟ ਮੰਤਰੀ ਨੂੰ ਵਧਾਈ ਦਿੰਦਿਆਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਪਿਆਰ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ।
ਸਰਕਟ ਹਾਊਸ ਵਿਖੇ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਆਪਣੇ ਪਿਤਾ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ ਗਿਆ। ਇਸ ਮੌਕੇ ਬੋਲਦਿਆਂ ਮਹਿੰਦਰ ਭਗਤ ਨੇ ਜਲੰਧਰ ਵਾਸੀਆਂ ਖਾਸ ਕਰਕੇ ਜਲੰਧਰ ਪੱਛਮੀ ਦੇ ਲੋਕਾਂ ਦਾ ਭਰਪੂਰ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਉਹਨਾ ’ਤੇ ਵਿਸ਼ਵਾਸ਼ ਕਰਕੇ ਸੌਂਪੀ ਗਈ ਜਿੰਮੇਵਾਰੀ ਲਈ ਧੰਨਵਾਦ ਵੀ ਪ੍ਰਗਟਾਇਆ।
ਕੈਬਨਿਟ ਮੰਤਰੀ ਨੇ ਸੂਬਾ ਵਾਸੀਆਂ ਦੀ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਕਿਹਾ ਕਿ ਉਹ 24 ਘੰਟੇ ਲੋਕ ਮਸਲਿਆਂ ਦੇ ਹੱਲ ਲਈ ਹਾਜ਼ਰ ਰਹਿਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪੂਰੀ ਲਗਨ ਨਾਲ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਜਲੰਧਰ ਨੂੰ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣ ਦਾ ਵਾਅਦਾ ਕੀਤਾ। ਉਨ੍ਹਾਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਹਰੇਕ ਵੋਟਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਇਸ ਹਲਕੇ ਦਾ ਹਰੇਕ ਵੋਟਰ ਮੰਤਰੀ ਬਣ ਗਿਆ ਹੈ।
ਉਨ੍ਹਾਂ ਜ਼ਿਕਰ ਕੀਤਾ ਕਿ ਹਰ ਵਿਅਕਤੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਪਾਸ ਬੇਝਿਜਕ ਪਹੁੰਚ ਕਰ ਸਕਦਾ ਹੈ ਅਤੇ ਉਨ੍ਹਾਂ ਵਲੋਂ ਲੋਕ ਮਸਲਿਆ ਨੂੰ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਉਪਰੰਤ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆ ਨਾਲ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਪਾਲ ਸਿੰਘ, ਸੀਨੀਅਰ ਆਗੂ ਪਵਨ ਕੁਮਾਰ ਟੀਨੂੰ, ਦਿਨੇਸ਼ ਢੱਲ, ਰਾਜਵਿੰਦਰ ਕੌਰ ਥਿਆੜਾ, ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਅਤੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਵੀ ਹਾਜ਼ਰ ਸਨ।