ਰਈਆ, 12 ਸਤੰਬਰ (ਸੁਖਵਿੰਦਰ ਬਾਵਾ) : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋ 1 ਸਤੰਬਰ ਨੂੰ ਕੰਪਿਊਟਰ ਅਧਿਆਪਕਾਂ ਨੂੰ ਗੱਲਬਾਤ ਲਈ ਚੰਡੀਗੜ੍ਹ ਮੀਟਿੰਗ ਲਈ ਸੱਦ ਕੇ ਆਪ ਕੇਰਲਾ ਚਲੇ ਜਾਣ ਕਾਰਨ ਅਧਿਆਪਕਾ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਯੂਨੀਅਨ ਵਲੋ 14 ਸਤੰਬਰ ਨੂੰ ਮੁੱਖ ਮੰਤਰੀ ਨਿਵਾਸ ਘੇਰਨ ਦਾ ਫ਼ੈਸਲਾ ਕੀਤਾ। ਇਸ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਿੱਖਿਆ ਸਕਤੱਰ ਨਾਲ ਮੀਟਿੰਗ ਹੋਈ ਜਿਨ੍ਹਾਂ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਲਈ ਆਪਣੀ ਅਸਮਰੱਥਾ ਜਾਹਿਰ ਕੀਤੀ।
ਅੱਜ ਕੰਪਿਊਟਰ ਅਧਿਆਪਕ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ 20 ਅਗਸਤ ਦੀ ਮੀਟਿੰਗ ਦਿੱਤੀ ਗਈ ਸੀ, ਜਿਸ ਨੂੰ ਰੱਦ ਕਰਕੇ ਫਿਰ 11 ਸਤੰਬਰ ਅਤੇ ਦੁਬਾਰਾ ਫਿਰ ਰੱਦ ਕਰਕੇ ਅੱਜ 12 ਸਤੰਬਰ ਦਾ ਸਮਾਂ ਦਿੱਤਾ ਗਿਆ ਸੀ, ਜਿਸ ਵਿਚ ਵਿੱਤ ਮੰਤਰੀ ਸ਼ਾਮਿਲ ਨਹੀਂ ਹੋਏ। ਉਹ ਹੋਰ ਸੂਬੇ ਕੇਰਲ ਦੱਲੇ ਗਏ। ਉਨ੍ਹਾਂ ਦੱਸਿਆ ਕਿ ਜੋ ਲੋਕ ਕਾਂਗਰਸ ਸਰਕਾਰ ਮੌਕੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਕੋਸਦੇ ਸਨ, ਅਤੇ ਹੁਣ ਉਹ ਮੰਗਾਂ ਨੂੰ ਸੁਣਨ ਅਤੇ ਪੂਰਾ ਕਰਨ ਤੋਂ ਪਾਸਾ ਵੱਟ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕੇ ਮੁੱਖ ਮੰਤਰੀ ਪੰਜਾਬ ਨੇ ਅੱਜ ਤੱਕ ਉਨ੍ਹਾਂ ਦੇ ਨਾਲ਼ ਕੋਈ ਮੀਟਿੰਗ ਨਹੀਂ ਕੀਤੀ।ਉਨ੍ਹਾਂ ਐਲਾਨ ਕੀਤਾ ਕਿ ਹੁਣ ਸੰਘਰਸ਼ ਆਰ ਪਾਰ ਦੀ ਲੜਾਈ ਵਿਚ ਤਬਦੀਲ ਹੋਵੇਗਾ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਸੰਘਰਸ਼ ਦੇ ਅਧੀਨ 14 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿਚ ਸੂਬੇ ਭਰ ਤੋਂ ਕੰਪਿਊਟਰ ਅਧਿਆਪਕ ਆਪਣੀਆਂ ਜਾਇਜ ਮੰਗਾਂ ਨੂੰ ਪੂਰਾ ਕਰਵਾਉਣ ਦੇ ਲਈ ਆਵਾਜ਼ ਬੁਲੰਦ ਕਰਨਗੇ। ਇਸ ਮਗਰੋਂ ਅਗਲੇ ਐਕਸ਼ਨ ਦਾ ਐਲਾਨ ਵੀ ਮੌਕੇ ਤੇ ਹੀ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਲ 2011 ਵਿੱਚ ਉਹਨਾਂ ਨੂੰ ਮਿਲੇ ਰੈਗੂਲਰ ਆਰਡਰਾਂ ਅਨੁਸਾਰ ਬਣਦੇ ਹੱਕ ਬਹਾਲ ਕੀਤੇ ਜਾਣ, ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਮ੍ਰਿਤਕ ਅਧਿਆਪਕ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।ਇਸ ਮੌਕੇ ਤੇ ਕੰਪਿਊਟਰ ਅਧਿਆਪਕ ਆਗੂ ਸਿਧਾਰਥ ਕੁਮਾਰ ਸੁਖਵਿੰਦਰ ਸਿੰਘ ਭੱਟੀ ਰਮਨਦੀਪ ਸਿੰਘ ਸਚਿਨ ਬਚਿੱਤਰ ਸਿੰਘ ਪਰਮਿੰਦਰ ਸਿੰਘ ਕੋਮਲ ਹਰਦੀਪ ਕੌਰ ਅਤੇ ਅਮਨਦੀਪ ਕੌਰ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਆਗੂ ਹਾਜਰ ਸਨ।