ਬਠਿੰਡਾ, 14 ਅਪ੍ਰੈਲ (ਸੁਰੇਸ਼ ਰਹੇਜਾ) : ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਸਾਹਿਬ ਇੱਕ ਅਜਿਹੀ ਰਾਸ਼ਟਰਵਾਦੀ ਸ਼ਖਸੀਅਤ ਹਨ, ਜਿਨ੍ਹਾਂ ਦੇ ਵਿਚਾਰਾਂ ਨੇ ਰਾਸ਼ਟਰ ਨਿਰਮਾਣ ਦੇ ਅਭਿਆਸ ਵਿਚ ਡੂੰਘਾ ਉਤਰਣ ਲਈ ਹਰੇਕ ਨਾਗਰਿਕ ਵਾਸਤੇ ਇੱਕ ਅਮਿੱਟ ਛੱਡਦਿਆਂ ਹਮੇਸ਼ਾ ਪ੍ਰੇਰਣਾ ਦਿੱਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਡਾ. ਬੀ.ਆਰ ਅੰਬੇਡਕਰ ਜੀ ਦੇ 130ਵੇ ਜਨਮ ਦਿਵਸ ਮੌਕੇ ਹੋਏ ਸੂਬਾ ਪੱਧਰੀ ਵਰਚੂਅਲ ਸਮਾਗਮ ਉਪਰੰਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਡਾ. ਅੰਬੇਡਕਰ ਸਾਹਿਬ ਦੁਨੀਆਂ ਦਾ ਪਹਿਲਾ ਅਜਿਹਾ ਵਿਅਕਤੀ ਹੈ ਜਿਸ ਨੇ ਸਭ ਤੋਂ ਵੱਧ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਜਿਸ ਤੋਂ ਹਰ ਇੱਕ ਵਿਅਕਤੀ ਨੂੰ ਸਿਖਣ ਦੀ ਲੋੜ ਹੈ।
ਜ਼ਿਲ੍ਹਾ ਪਬੰਧਕੀ ਕੰਪਲੈਕਸ ਵਿਖੇ ਹੋਏ ਵਰਚੂਅਲ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਦੱਸਿਆ ਕਿ ਇਸ ਬਹੁਪੱਖੀ ਪ੍ਰਤਿਭਾ ਦੇ ਧਨੀ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੇ ਵਿਚਾਰਾਂ ਦੀ ਡੂੰਘਾਈ, ਇੱਕ ਰਾਸ਼ਟਰ ਨਿਰਮਾਤਾ ਵਜੋਂ ਉਨ੍ਹਾਂ ਦੀ ਭੂਮਿਕਾ ਅਤੇ ਸਮਾਜਿਕ ਤਾਣੇਬਾਣੇ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਇੱਕ ਨਿਆਂਪੂਰਨ ਸਮਾਜ ਅਤੇ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਵਲੋਂ ਕੀਤੇ ਗਏ ਅਹਿਮ ਕਾਰਜਾਂ ਨੂੰ ਪੂਰੀ ਤਰ੍ਹਾਂ ਸਮਝਿਆਂ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਭਵਿੱਖ ਦੀਆਂ ਨਸਲਾਂ ਦੀ ਸਲਾਮਤੀ ਵਾਸਤੇ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਅਤੇ ਉਨ੍ਹਾਂ ਵਲੋਂ ਸਿਰਜੇ ਸੰਵਿਧਾਨ ਦੀ ਆਤਮਾ ਨੂੰ ਨਾ ਮਰਨ ਦਿੱਤਾ ਜਾਵੇ।
ਵਰਚੂਅਲ ਪ੍ਰੋਗਰਾਮ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਭਲਾਈ ਅਫ਼ਸਰ ਸ. ਸਰਦੂਲ ਸਿੰਘ, ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜਗਰੂਪ ਸਿੰਘ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।