ਤਰਨ ਤਾਰਨ,25 ਮਈ (ਰਾਕੇਸ਼ ਨਈਅਰ ‘ਚੋਹਲਾ’) : ਸ੍ਰੀ ਸੰਦੀਪ ਰਿਸ਼ੀ ਆਈ.ਏ.ਐੱਸ. ਵੱਲੋਂ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ। ਸ੍ਰੀ ਸੰਦੀਪ ਰਿਸ਼ੀ 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ। ਇਸ ਸਮੇਂ ਉਹ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸਿੱਖ ਗੂਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਲੋਕਾਂ ਦੀ ਸੇਵਾ ਕਰਨ ਦਾ ਦੁਬਾਰਾ ਮੌਕਾ ਮਿਲਿਆ ਹੈ।ਜਿਕਰਯੋਗ ਹੈ ਕਿ ਸ੍ਰੀ ਸੰਦੀਪ ਰਿਸ਼ੀ ਆਈ.ਏ.ਐੱਸ, ਇਸ ਤੋਂ ਪਹਿਲਾ ਵੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਅਤੇ ਸਮੇਂ ਸਿਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਉਹਨਾਂ ਦੀ ਪਹਿਲ ਹੋਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫਤਰਾਂ ਵਿਚ ਲੋਕਾਂ ਦੇ ਕੰਮਾਂ ਤੇ ਮੁਸ਼ਕਿਲਾਂ ਦਾ ਨਿਪਟਾਰਾ ਸਮੇਂ ਸਿਰ ਕਰਵਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਰਕਾਰੀ ਕੰਮ-ਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਅਹੁਦਾ ਸੰਭਾਲਣ ਤੋਂ ਪਹਿਲਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਹਨਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆੱਫ਼ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਅਮਨਿੰਦਰ ਕੌਰ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ,ਐੱਸ.ਡੀ.ਐੱਮ.ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।