ਗੁਰਾਇਆ/ਜਲੰਧਰ, 12 ਜਨਵਰੀ, (ਹਰਜਿੰਦਰ ਸਿੰਘ) : ਪੰਜਾਬ ਦੇ ਪ੍ਰਸ਼ਾਸਕੀ ਸੁਧਾਰ, ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਸਾਇੰਸ ਤਕਨਾਲੋਜੀ ਅਤੇ ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਿੰਡ ਘੁੜਕਾ ਵਿਖੇ 5100 ਨਵ ਜੰਮੀਆਂ ਬੱਚੀਆਂ ਦੀ ਲੋਹੜੀ ਦੇ ਸਮਾਗਮ ’ਚ ਸ਼ਿਰਕਤ ਕਰਦਿਆਂ ਲੋਕਾਂ ਨੂੰ ਲੜਕੀਆਂ ਨੂੰ ਹੋਰ ਸਸ਼ਕਤ ਤੇ ਸਫ਼ਲ ਬਣਾਉਣ ਲਈ ਉਨ੍ਹਾਂ ਨੂੰ ਬਰਾਬਰੀ ਦੇ ਮੌਕੇ ਅਤੇ ਹੱਲਾਸ਼ੇਰੀ ਦੇਣ ਦਾ ਸੱਦਾ ਦਿੱਤਾ।ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਧੀਆਂ ਸਾਡਾ ਮਾਣ ਹਨ, ਜਿਨ੍ਹਾਂ ਨੇ ਆਪਣੀ ਮਿਹਨਤ ਤੇ ਪ੍ਰਤਿਭਾ ਦੇ ਬਲਬੂਤੇ ’ਤੇ ਵੱਖ-ਵੱਖ ਖੇਤਰਾਂ ਵਿੱਚ ਬੁਲੰਦੀਆਂ ਨੂੰ ਛੋਹਿਆ ਹੈ ਅਤੇ ਸਾਬਤ ਕੀਤਾ ਹੈ ਕਿ ਉਹ ਕਿਸੇ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਦੇ ਨਾਲ-ਨਾਲ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲੜਕੀਆਂ ਨੂੰ ਅਜਿਹਾ ਮਾਹੌਲ ਪ੍ਰਦਾਨ ਕਰੀਏ, ਜਿਸ ਸਦਕਾ ਉਹ ਹੋਰ ਮਜ਼ਬੂਤ ਅਤੇ ਕਾਮਯਾਬ ਬਣ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੜਕੀਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਧੀਆਂ ਨੂੰ ਜਨਮ ਦਾ, ਸਿੱਖਿਆ ਦਾ ਅਤੇ ਆਜ਼ਾਦੀ ਦਾ ਅਧਿਕਾਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਕਾਮਯਾਬੀ ਦੀਆਂ ਉਚਾਈਆਂ ਨੂੰ ਹਾਸਲ ਕਰ ਸਕਣ।ਵਰਲਡ ਵਾਈਡ ਸਕੋਪ ਵੈੱਲਫੇਅਰ ਸੁਸਾਇਟੀ ਘੁੜਕਾ ਵੱਲੋਂ ਹਰ ਸਾਲ ਧੀਆਂ ਦੀ ਲੋਹੜੀ ਮਨਾਉਣ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਥਾ ਵੱਲੋਂ ਕੀਤੇ ਜਾ ਰਹੇ ਉਪਰਾਲੇ ਪ੍ਰਸ਼ੰਸਾਯੋਗ ਹਨ, ਜਿਨ੍ਹਾਂ ਤੋਂ ਹੋਰਨਾਂ ਸੰਸਥਾਵਾਂ ਨੂੰ ਵੀ ਪ੍ਰੇਰਨਾ ਲੈਂਦਿਆਂ ਲੜਕੀਆਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਫਿਲੌਰ ਅਮਨਪਾਲ ਸਿੰਘ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸੰਘੇੜਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਇੰਦਰਜੀਤ ਕੌਰ, ਆਮ ਆਦਮੀ ਪਾਰਟੀ ਦੇ ਆਗੂ ਰਾਜਵਿੰਦਰ ਕੌਰ, ਦੀਪਕ ਬਾਲੀ, ਪ੍ਰਿੰ. ਪ੍ਰੇਮ ਕੁਮਾਰ, ਸੰਸਥਾ ਦੇ ਅਹੁਦੇਦਾਰ ਪਿੰਦੂ ਜੋਹਲ, ਸਤਨਾਮ ਸਿੰਘ ਬਾਹੜਾ, ਅਮਰੀਕ ਸਿੰਘ ਸੈਣੀ, ਪੰਜਾਬੀ ਗਾਇਕ ਮਨਮੋਹਨ ਵਾਰਿਸ, ਕਮਲ ਹੀਰ, ਸੰਗਤਾਰ, ਫਿਰੋਜ਼ ਖਾਨ ਆਦਿ ਵੀ ਮੌਜੂਦ ਸਨ।