ਸੀਪੀਐਫ ਕਰਮਚਾਰੀ ਕੱਲ ਜਲੰਧਰ ਪੱਛਮੀ ਹਲਕੇ ਵਿੱਚ ਕਰਨਗੇ ਵਹੀਕਲ ਮਾਰਚ
ਸਰਕਾਰੀ ਮੁਲਾਜ਼ਮ ਜਲੰਧਰ ਪੱਛਮੀ ਹਲਕੇ ਵਿੱਚ ਲੋਕਾਂ ਦੇ ਘਰ ਘਰ ਜਾ ਕੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣਗੇ
ਜਲੰਧਰ, 26 ਜੂਨ (ਹਰਜਿੰਦਰ ਸਿੰਘ) : ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਜੋ ਕਿ ਕੌਮੀ ਅਤੇ ਸੂਬੇ ਭਰ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਯੂਨੀਅਨ ਨਾਲ ਪੰਜਾਬ ਸਰਕਾਰ ਵੱਲੋ ਲਗਾਤਾਰ ਮੀਟਿੰਗਾਂ ਕਰਨ ਤੋਂ ਟਾਲ ਮਟੋਲ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਪੰਜਾਬ ਵੱਲੋਂ ਲਗਾਤਾਰ ਪੰਜ ਮੀਟਿੰਗਾਂ ਦੇਣ ਦੇ ਬਾਵਜੂਦ ਯੂਨੀਅਨ ਨਾਲ ਮੀਟਿੰਗ ਨਹੀਂ ਕੀਤੀ ਗਈ ਜਿਸ ਕਾਰਨ ਪੰਜਾਬ ਭਰ ਦੇ ਸਰਕਾਰੀ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਸੀ। ਜਿਸ ਕਾਰਨ ਯੂਨੀਅਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ ਜਿਸ ਦੇ ਸਿੱਟੇ ਵਜੋਂ ਸਮੁੱਚੇ ਮੁਲਾਜ਼ਮ ਵਰਗ ਨੇ ਲੋਕ ਸਭਾ ਚੋਣਾਂ ਵਿੱਚ ਸਰਕਾਰ ਦਾ ਵਿਰੋਧ ਕੀਤਾ ਸੀ। ਜਿਸ ਦਾ ਖਮਿਆਜਾ ਸਰਕਾਰ ਨੂੰ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਿਆ।
ਯੂਨੀਅਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਜਿਮਣੀ ਚੋਣ ਵਿਖੇ ਸਰਕਾਰ ਦਾ ਵਿਰੋਧ ਕਰਨ ਲਈ ਝੰਡਾ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ। ਜਿਸ ਦੇ ਚਲਦਿਆਂ ਯੂਨੀਅਨ ਦੀ ਅੱਜ ਕਬਾਨਾ ਹੋਟਲ ਫਗਵਾੜਾ ਵਿਖੇ ਵਿੱਤ ਮੰਤਰੀ ਸ਼੍ਰੀ ਹਰਪਾਲ ਚੀਮਾ ਜੀ ਨਾਲ ਮੀਟਿੰਗ ਹੋਈ। ਮੀਟਿੰਗ ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ, ਸੂਬਾ ਕੈਸ਼ੀਅਰ ਅਮਨਦੀਪ ਸਿੰਘ ਅਤੇ ਕਿਰਪਾਲ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਕਾਰ ਵੱਲੋਂ ਫਿਰ ਟਾਲ ਮਟੋਲ ਦੀ ਨੀਤੀ ਅਪਣਾਈ ਗਈ। ਮਜੋਰਟੀ ਵਿੱਤ ਮੰਤਰੀ ਚੀਮਾ ਜੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਗਿਆ। ਜਿਸ ਦੇ ਸਿੱਟੇ ਵਜੋਂ ਸੀਪੀਐਫ ਕਰਮਚਾਰੀ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਉਹ ਕੱਲ ਮਿਤੀ 27 ਜੂਨ 2024 ਨੂੰ ਪੰਜਾਬ ਸਰਕਾਰ ਵਿਰੁੱਧ ਜਲੰਧਰ ਪੱਛਮੀ ਹਲਕੇ ਵਿੱਚ ਵਿਸ਼ਾਲ ਝੰਡਾ ਮਾਰਚ ਕਰਨਗੇ ਜਿਸ ਵਿੱਚ ਪੰਜਾਬ ਭਰ ਤੋਂ ਸਰਕਾਰੀ ਮੁਲਾਜ਼ਮ ਆਪਣੇ ਆਪਣੇ ਵਹੀਕਲ ਲੈ ਕੇ ਸ਼ਾਮਿਲ ਹੋਣਗੇ।
ਉਹਨਾਂ ਅੱਗੇ ਕਿਹਾ ਕਿ ਜੇਕਰ ਫਿਰ ਵੀ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਕੋਈ ਠੋਸ ਫੈਸਲਾ ਨਹੀਂ ਲੈਂਦੀ ਤਾਂ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸਮੂਹ ਮੈਂਬਰ ਵੱਖਰੋ ਵੱਖਰੇ ਦਿਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੇ ਘਰੋ ਘਰੀ ਜਾ ਕੇ ਪੰਜਾਬ ਸਰਕਾਰ ਦੀ ਪੋਲ ਖੋਲਣਗੇ ਅਤੇ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਜੋ ਵਾਅਦੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕੀਤੇ ਸਨ ਉਹ ਨਾ ਪੂਰੇ ਹੋਣ ਬਾਰੇ ਲੋਕਾਂ ਨੂੰ ਜਾਗਰੂਕ ਕਰਵਾਉਣਗੇ।