ताज़ा खबरपंजाब

ਪੁਲਿਸ ਕਮਿਸ਼ਨਰ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ

ਜਲੰਧਰ, 18 ਮਾਰਚ (ਕਬੀਰ ਸੌਂਧੀ) : ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਆਪਣੇ ਕਿਸਮ ਦੇ ਪਹਿਲੇ ਜਨ ਸੰਪਰਕ ਪ੍ਰੋਗਰਾਮ ‘ਸੰਪਰਕ’ ਦੌਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ।

ਇਥੇ ਡੀ.ਏ.ਵੀ. ਕਾਲਜ ਜਲੰਧਰ ਵਿਖੇ ਲੋਕਾਂ ਨਾਲ ਗੱਲਬਾਤ ਦੌਰਾਨ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬੀਆਂ ਨੂੰ ਵਿਰੋਧੀ ਹਾਲਾਤ ਵਿੱਚ ਵੀ ਅੱਗੇ ਵਧਣ ਦੀ ਭਾਵਨਾ ਦਾ ਆਸ਼ੀਰਵਾਦ ਪ੍ਰਾਪਤ ਹੈ। ਅੱਤਵਾਦ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਸੂਬੇ ਨੂੰ ਸ਼ਾਂਤੀਪੂਰਣ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣ ਦੀ ਦ੍ਰਿੜ ਵਚਨਬੱਧਤਾ ਅਤੇ ਪੱਕੇ ਇਰਾਦੇ ਕਰਕੇ ਪੰਜਾਬੀਆਂ ਨੇ ਉਨ੍ਹਾਂ ‘ਕਾਲੇ ਦਿਨਾਂ’ ਨੂੰ ਵੀ ਪਾਰ ਕਰ ਲਿਆ। ਉਨ੍ਹਾਂ ਲੋਕਾਂ ਨੂੰ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਉਸੇ ਭਾਵਨਾ ਨੂੰ ਜਗਾਉਣ ਦੀ ਅਪੀਲ ਕੀਤੀ।

ਪੁਲਿਸ ਕਮਿਸ਼ਨਰ ਨੇ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਸੂਚਨਾ ਦੇਣ ਲਈ ਕਿਹਾ ਤਾਂ ਜੋ ਨਸ਼ਿਆਂ ਦੀ ਸਪਲਾਈ ਚੇਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੂਹਿਕ ਸੰਵਾਦ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਵਿੱਚ ਫ਼ਸਣ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਨਸ਼ੇ ’ਤੇ ਨਿਰਭਰ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਕੇ ਤੇ ਉਨ੍ਹਾਂ ਦਾ ਇਲਾਜ ਕਰਕੇ ਇਸ ਦੀ ਮੰਗ ਨੂੰ ਰੋਕਿਆ ਜਾਵੇ। ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਟੀਚੇ ਨੂੰ ਜਲਦ ਤੋਂ ਜਲਦ ਪ੍ਰਾਪਤ ਕਰਨ ਕਰਨ ਲਈ ਸਰਕਾਰ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਜਨ ਅੰਦੋਲਨ ਰਾਹੀਂ ਨਸ਼ਿਆਂ ਦੀ ਸਪਲਾਈ ਅਤੇ ਮੰਗ ਨੂੰ ਘਟਾਉਣ ਲਈ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਇਸ ਮਿਸਾਲੀ ਪਹਿਲਕਦਮੀ ਦਾ ਉਦੇਸ਼ ਨਸ਼ਿਆਂ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੰਪਰਕ ਪ੍ਰੋਗਰਾਮ ਜਲੰਧਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸ਼ਹਿਰ ਵਿੱਚ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ ਕਿਉਂਕਿ ਨਸ਼ਿਆਂ ਦੀ ਗੰਭੀਰ ਸਮੱਸਿਆ ’ਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਕਾਬੂ ਪਾਇਆ ਜਾ ਸਕਦਾ ਹੈ, ਜੋ ਕਿ ਇਸ ਪੂਰੀ ਮੁਹਿੰਮ ਦਾ ਆਧਾਰ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਪ੍ਰਭਾਵਿਤ ਨੌਜਵਾਨਾਂ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਆਪਣੇ ਬੱਚਿਆਂ ਦੇ ਇਲਾਜ ਲਈ ਅੱਗੇ ਆਉਣਾ ਚਾਹੀਦਾ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਦੋਂ ਤੱਕ ਨਸ਼ੇ ਦੇ ਆਦਿ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਅੱਗੇ ਨਹੀਂ ਆਉਂਦੇ, ਉਦੋਂ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਰਾਜ ਸਰਕਾਰ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ।

ਗੱਲਬਾਤ ਸੈਸ਼ਨ ਦੌਰਾਨ ਵੱਖ-ਵੱਖ ਖੇਤਰਾਂ ਨਾਲ ਸਬੰਧਕ ਲੋਕਾਂ ਨੇ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਨੂੰ ਹੋਰ ਤੇਜ਼ ਕਰਨ ਲਈ ਆਪਣਾ ਕੀਮਤੀ ਫੀਡਬੈਕ ਵੀ ਸਾਂਝਾ ਕੀਤਾ। ਪੁਲਿਸ ਕਮਿਸ਼ਨਰ ਨੇ ਉਨ੍ਹਾਂ ਦੇ ਸੁਝਾਵਾਂ ‘ਤੇ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ, ਏ.ਡੀ.ਸੀ.ਪੀ. ਤੇਜਬੀਰ ਸਿੰਘ ਹੁੰਦਲ ਅਤੇ ਸਖਵਿੰਦਰ ਸਿੰਘ, ਏ.ਸੀ.ਪੀ. ਰਿਸ਼ਭ ਭੋਲਾ ਤੇ ਸ੍ਰੀ ਵੈਨੇਲਾ ਤੋਂ ਇਲਾਵਾ ਉਦਯੋਗ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

Related Articles

Leave a Reply

Your email address will not be published.

Back to top button