ਜੰਡਿਆਲਾ ਗੁਰੂ, 29 ਅਕਤੂਬਰ (ਕੰਵਲਜੀਤ ਸਿੰਘ ਲਾਡੀ) : ਸਿਖਿਆ ਇਕ ਅਜਿਹਾ ਖੇਤਰ ਹੈ ਜੋ ਸਮਾਜ ਜਾਂ ਹੋਰ ਖੇਤਰਾਂ ਵਿੱਚ ਬਦਲਾਅ ਲਿਆ ਸਕਦਾ ਹੈ ਅਤੇ ਸਿਖਿਆ ਦੇ ਪੱਧਰ ਨੂੰ ਹੋਰ ਉਚਾ ਚੁੱਕਣ ਲਈ ਆਪ ਦੀ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵਿੱਚ ਲੱਗੀ ਹੋਈ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਮੰਤਰੀ ਪੰਜਾਬ ਨੇ ਸਰਕਾਰੀ ਹਾਈ ਸਕੂਲ ਮੇਹਰਬਾਨਪੁਰਾ ਜੰਡਿਆਲਾ ਗੁਰੂ ਵਿਖੇ ਲਗਾਈ ਗਈ ਵਿਗਿਆਨ ਪ੍ਰਦਰਸ਼ਨੀ ਨੂੰ ਦੇਖਦਿਆਂ ਕੀਤਾ। ਸ੍ਰ ਈ:ਟੀ:ਓ ਨੇ ਕਿਹਾ ਕਿ ਇਸ ਵਿਗਿਆਨ ਪ੍ਰਦਰਸ਼ਨੀ ਵਿੱਚ ਬੱਚਿਆਂ ਵੱਲੋਂ ਬਣਾਏ ਗਏ ਮਾਡਲਾਂ ਨੂੰ ਦੇਖ ਕੇ ਬਹੁਤ ਹੈਰਾਨ ਹਾਂ ਕਿ ਇਨ੍ਹਾਂ ਬੱਚਿਆਂ ਵੱਲੋਂ ਕਿੰਨੇ ਸ਼ਾਨਦਾਰ ਢੰਗ ਨਾਲ ਵੱਖ ਵੱਖ ਸਾਇੰਸ ਦੇ ਮਾਡਲ ਤਿਆਰ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਸਿਖਿਆ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਾਫੀ ਉਚਾ ਹੈ ਅਤੇ ਸਾਰੇ ਸਕੂਲਾਂ ਵਿੱਚ ਬੱਚਿਆਂ ਨੂੰ ਮੁਫਤ ਸਿਖਿਆ ਮਾਹਿਰ ਅਧਿਆਪਕਾਂ ਵੱਲੋਂ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਦੌਰਾਨ ਆਪਣੇ ਮੈਨੀਫੈਸਟੋ ਵਿੱਚ ਵੀ ਕਿਹਾ ਸੀ ਕਿ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਹੋਰ ਉਚਾ ਚੁੱਕਿਆ ਜਾਵੇਗਾ। ਸ੍ਰ ਈ:ਟੀ:ਓ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਵਿਗਿਆਨ ਪ੍ਰਦਰਸ਼ਨੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਮੁੱਖ ਮਕਸਦ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨਾ ਹੈ। ਈ:ਟੀ:ਓ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਵੀ ਕੀਤੀ ਅਤੇ ਬੱਚਿਆਂ ਦੀ ਅਣਥੱਕ ਮਿਹਨਤ ਨੂੰ ਸਲਾਮ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਿਗਿਆਨ ਪ੍ਰਦਰਸ਼ਨੀ ਵਿੱਚ 25 ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਆਪੋ ਆਪਣੇ ਵਿਗਿਆਨ ਮਾਡਲ ਲਗਾਏ ਗਏ ਹਨ।
ਸ੍ਰ ਈ:ਟੀ:ਓ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਪਈਆਂ ਖਾਲੀ ਅਸਾਮੀਆਂ ਨੂੰ ਪੁਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਸਕੂਲਾਂ ਤੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਹੀ ਸਾਡਾ ਭਵਿੱਖ ਹਨ ਅਤੇ ਇਨ੍ਹਾਂ ਵਿੱਚੋਂ ਬੱਚਿਆਂ ਨੂੰ ਅੱਗੇ ਜਾ ਕੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨੀਆਂ ਹਨ। ਇਸ ਮੌਕੇ ਉਨ੍ਹਾਂ ਨੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੀ ਮਿਹਨਤ ਸਦਕਾ ਹੀ ਇਨ੍ਹਾਂ ਬੱਚਿਆਂ ਵੱਲੋਂ ਸ਼ਾਨਦਾਰ ਵਿਗਿਆਨ ਮਾਡਲ ਤਿਆਰ ਕੀਤੇ ਹਨ।