ताज़ा खबरपंजाब

ਪੰਜਾਬ ਦੇ ਰਾਜਪਾਲ ਨੇ ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ ਦਾ ਕੀਤਾ ਦੌਰਾ

ਗੁਰਦਾਸਪੁਰ/ਡੇਰਾ ਬਾਬਾ ਨਾਨਕ, 07 ਜੂਨ (ਬਿਊਰੋ) : ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ, ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਨਾਲ ਨਜਿੱਠਣ ਦੇ ਸੁਹਿਰਦ ਯਤਨਾਂ ਤਹਿਤ ਸ. ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੇੜਲੇ ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਮੌਜੂਦਾ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਕਰਨਾ ਅਤੇ ਸਰਹੱਦੀ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਮਨੋਬਲ ਨੂੰ ਵਧਾਉਣਾ ਸੀ।

ਸਰਹੱਦੀ ਇਲਾਕੇ ਦੀ ਇਸ ਫੇਰੀ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ, ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦੇ ਦੌਰੇ ਦੌਰਾਨ, ਰਾਜਪਾਲ ਨੇ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਅਤੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਮੋਹਤਬਰ ਵਿਅਕਤੀਆਂ ਨਾਲ ਵਿਆਪਕ ਚਰਚਾ ਕੀਤੀ।

ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਬਹਾਦਰ ਵਸਨੀਕਾਂ ਨੇ ਹਮੇਸ਼ਾਂ ਹੀ ਦੁਸ਼ਮਣ ਦੇਸ਼ ਦੇ ਮਾੜੇ ਮਨਸੂਬਿਆਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਣਾ ਵੀ ਦੇਸ਼ ਸੇਵਾ ਅਤੇ ਦੇਸ਼ ਭਗਤੀ ਹੈ ਅਤੇ ਸਰਹੱਦੀ ਖੇਤਰ ਦੇ ਵਸਨੀਕ ਇਸ ਸੇਵਾ ਨੂੰ ਬਾਖੂਬੀ ਨਿਭਾ ਰਹੇ ਹਨ। ਉਨ੍ਹਾਂ ਸਰਹੱਦੀ ਵਸਨੀਕਾਂ ਨੂੰ ਚੌਕਸ ਰਹਿਣ, ਸੁਰੱਖਿਆ ਬਲਾਂ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਅਤੇ ਆਪਣੇ ਆਸ-ਪਾਸ ਕਿਸੇ ਵੀ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਲਗਾਤਾਰ ਆਪਸ ਵਿੱਚ ਮੀਟਿੰਗਾਂ ਕਰਕੇ ਸੂਚਨਾ ਸਾਂਝੀ ਕੀਤੀ ਜਾਵੇ।

ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵੀ.ਕੇ, ਜੰਜੂਆ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਸਾਲ ਪੰਜਾਬ ਪੁਲਿਸ ਵਿੱਚ ਭਰਤੀ ਅਰੰਭੀ ਗਈ ਹੈ ਅਤੇ ਹੋਰ ਵਿਭਾਗਾਂ ਵਿੱਚ ਵੀ 29000 ਤੋਂ ਵੱਧ ਸਰਕਾਰੀ ਨੌਂਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਜਲਦੀ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਂਕਰੀਆਂ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਅਤੇ ਉੱਚ ਅਧਿਕਾਰੀਆਂ ਦਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਆਉਣ `ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਸਰਹੱਦ ਦੇ ਨਾਲ ਲੱਗਦੀ 15 ਕਿਲੋਮੀਟਰ ਦੀ ਪੱਟੀ ਦੇ ਸਾਰੇ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਗਠਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਥੇ ਕੋਈ ਵੀ ਨਾਗਰਿਕ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਬਾਰੇ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਹਰ ਤਰਾਂ ਦੀ ਚੌਕਸੀ ਵਰਤੀ ਜਾ ਰਹੀ ਹੈ।

Related Articles

Leave a Reply

Your email address will not be published.

Back to top button