ਅੰਮ੍ਰਿਤਸਰ, 18 ਅਕਤੂਬਰ (ਕੰਵਲਜੀਤ ਸਿੰਘ, ਸਾਹਿਲ ਗੁਪਤਾ) : ਪੰਜਾਬ ਸਰਕਾਰ ਵੱਲੋਂ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ 28 ਅਕਤੂਬਰ, 2023 ਨੂੰ ਰਾਜ ਪੱਧਰੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ।
ਇਸ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਫ਼ਤਲਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਉਨਾਂ ਦੱਸਿਆ ਕਿ ਸਮਾਗਮ ਨੂੰ ਧਿਆਨ ਵਿੱਚ ਰੱਖਦੇ ਹੋਏ ਤੀਰਥ ਅਤੇ ਉਸਦੇ ਆਲੇ ਦੁਆਲੇ ਦੀ ਸਫ਼ਾਈ ਸ਼ੁਰੂ ਕਰਾ ਦਿੱਤੀ ਗਈ ਹੈ ਅਤੇ ਤੀਰਥ ਉੱਤੇ ਰੌਸ਼ਨੀਆਂ ਲਗਾਉਣ ਦਾ ਕੰਮ ਚੱਲ ਰਿਹਾ ਹੈ ਜੋ ਕਿ ਕੱਲ੍ਹ ਤੱਕ ਪੂਰਾ ਕਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਗਮ ਵਿੱਚ ਵੱਧ ਚੜ੍ਹ ਕੇ ਆਪਣੀ ਹਾਜਰੀ ਭਰਨ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ ਵੱਖ ਭਜਨ ਮੰਡਲੀਆਂ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਦਾ ਗੁਨਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਅੰਮ੍ਰਿਤਸਰ-2 ਸ੍ਰੀ ਨਿਕਾਸ ਕੁਮਾਰ, ਸ੍ਰੀ ਮਨਕੰਵਲ ਚਾਹਲ ਅੰਮ੍ਰਿਤਸਰ-1, ਐਸ.ਡੀ.ਐਮ. ਮਜੀਠਾ ਸ੍ਰੀਮਤੀ ਹਰਨੂਰ ਕੌਰ ਢਿਲੋਂ, ਐਸ.ਡੀ.ਐਮ. ਅਜਨਾਲਾ ਸ. ਅਰਵਿੰਦਰ ਪਾਲ ਸਿੰਘ, ਰੀਜ਼ਨਲ ਟਰਾਂਸਪੋਰਟ ਸਕੱਤਰ ਸ. ਅਰਸ਼ਪ੍ਰੀਤ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਸ. ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਵਰੁਣ ਕੁਮਾਰ, ਐਕਸੀਐਨ ਸ੍ਰੀ ਦਿਆਲ ਸ਼ਰਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।