ਮਹਿਲਾਵਾਂ ਲਈ ਬੱਸਾਂ ’ਚ ਮੁਫ਼ਤ ਸਫ਼ਰ ਦੀ ਸਹੂਲਤ ਸੂਬਾ ਸਰਕਾਰ ਦਾ ਇਤਿਹਾਸਕ ਕਦਮ : ਡਿਪਟੀ ਕਮਿਸ਼ਨਰ
ਸਫ਼ਰ ਦੌਰਾਨ ਕਿਸੇ ਵੀ ਸਮੱਸਿਆ ਮੌਕੇ ਟੋਲ ਫ਼ਰੀ ਨੰਬਰ 181 ’ਤੇ ਕੀਤਾ ਜਾਵੇ ਸੰਪਰਕ
ਬਠਿੰਡਾ, 01 ਅਪ੍ਰੈਲ (ਸੁਰੇਸ਼ ਰਹੇਜਾ) : ਮਹਿਲਾਵਾਂ ਲਈ ਬੱਸਾਂ ’ਚ ਮੁਫ਼ਤ ਸਫ਼ਰ ਦੀ ਸਹੂਲਤ ਸੂਬਾ ਸਰਕਾਰ ਦਾ ਇਤਿਹਾਸਕ ਕਦਮ ਹੈ। ਇਸ ਸਹੂਲਤ ਨਾਲ ਜਿੱਥੇ ਮਹਿਲਾਵਾਂ ਦੇ ਮਾਣ-ਸਨਮਾਨ ਵਿਚ ਵਾਧਾ ਹੋਵੇਗਾ ਉੱਥੇ ਹੀ ਉਨਾਂ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋਣ ਅਤੇ ਅੱਗੇ ਵਧਣ ਦਾ ਮੌਕਾ ਮਿਲੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਵਰਚੂਅਲ ਪ੍ਰੋਗਰਾਮ ਰਾਹੀਂ ਕੀਤੀ ਗਈ ਸ਼ੁਰੂਆਤ ਉਪਰੰਤ ਸਾਂਝੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾਵਾਂ ਲਈ ਬੱਸਾਂ ’ਚ ਮੁਫ਼ਤ ਸਫ਼ਰ ਦੀ ਸਹੂਲਤ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪਨਬੱਸਾਂ ’ਚ ਹੋਵੇਗੀ। ਮੁਫ਼ਤ ਸਫ਼ਰ ਪੰਜਾਬ ਦੀ ਹੱਦ ਅੰਦਰ ਹੀ ਕੀਤਾ ਜਾ ਸਕੇਗਾ। ਮੁਫ਼ਤ ਸਫ਼ਰ ਲਈ ਮਹਿਲਾਵਾ ਨੂੰ ਆਪਣਾ ਆਧਾਰ ਕਾਰਡ ਜਾਂ ਪੰਜਾਬ ਵਸਨੀਕ ਹੋਣ ਦਾ ਸ਼ਨਾਖ਼ਤੀ ਕਾਰਡ ਦਿਖਾਉਣਾ ਲਾਜ਼ਮੀ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸਫ਼ਰ ਦੌਰਾਨ ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਟੋਲ ਫ਼ਰੀ ਨੰਬਰ 181 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਇਹ ਵੀ ਸਪੱਸ਼ਟ ਕੀਤੀ ਕਿ ਮਹਿਲਾਵਾਂ ਦੇ ਸਫ਼ਰ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਲਗਭਗ ਸਾਰੀਆਂ ਬੱਸਾਂ ਵਿਚ ਜੀ.ਪੀ.ਐਸ. ਲਗਾਇਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਉਨਾਂ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੀਆਂ ਬੱਸਾਂ ’ਤੇ 31 ਅਗਸਤ ਤੱਕ ਜੀ.ਪੀ.ਐਸ. ਸਿਸਟਮ ਲਗਾਉਣਾ ਯਕੀਨੀ ਬਣਾਉਣ। ਵਰਚੂਅਲ ਪ੍ਰੋਗਰਾਮ ਮੌਕੇ ਜਨਰਲ ਮੈਨੇਜ਼ਰ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਸ਼੍ਰੀ ਰਮਨ ਸ਼ਰਮਾ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਆਵਾਸਪ੍ਰਤੀ ਕੌਰ, ਇਸਤਰੀ ਤੇ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਤੋਂ ਇਲਾਵਾ ਕਾਂਗਰਸੀ ਆਗੂ ਸ਼੍ਰੀ ਅਰੁਣ ਵਧਾਵਨ ਆਦਿ ਹਾਜ਼ਰ ਸਨ।