ਚੰਡੀਗੜ੍ਹ, 20 ਸਤੰਬਰ (ਨਿਊਜ਼ 24 ਪੰਜਾਬ) : ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਨਾਲ ਹੀ ਪਹਿਲਾ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਸੀਨੀਅਰ ਆਈ.ਏ.ਐਸ. ਹੁਸਨ ਲਾਲ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਹੁਲ ਤਿਵਾੜੀ ਨੂੰ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਅਹੁਦੇ ਲਈ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦੋਵੇਂ ਅਹੁਦੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਅਧਿਕਾਰੀਆਂ ਆਈ.ਏ.ਐਸ. ਤੇਜਵੀਰ ਸਿੰਘ ਅਤੇ ਆਈ. ਏ. ਐਸ. ਗੁਰਕੀਰਤ ਕ੍ਰਿਪਾਲ ਸਿੰਘ ਕੋਲ ਸਨ।
ਇਸ ਤੋਂ ਪਹਿਲਾਂ ਪਹਿਲੀ ਪ੍ਰੈਸ ਕਾਨਫਰੰਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੇਤ ਮਾਫੀਆ ਅਤੇ ਗੈਰਕਨੂੰਨੀ ਮਾਈਨਿੰਗ ਨੂੰ ਰੋਕਣ ਲਈ ਵੱਡੇ ਕਦਮ ਚੁੱਕਣ ਦੀ ਗੱਲ ਕੀਤੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਨਵੇਂ ਕੇਂਦਰੀ ਖੇਤੀਬਾੜੀ ਐਕਟ ਨੂੰ ਰੱਦ ਕਰਨ ਲਈ ਕਿਹਾ। ਚੰਨੀ ਨੇ ਕਾਂਗਰਸ ਲੀਡਰਸ਼ਿਪ ਵੱਲੋਂ ਤੈਅ ਕੀਤੇ 18 ਨੁਕਾਤੀ ਪ੍ਰੋਗਰਾਮ ਦਾ ਜ਼ਿਕਰ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਮਸਲੇ ਹੱਲ ਹੋ ਜਾਣਗੇ।