ताज़ा खबरपंजाब

ਮੁੱਖ ਮੰਤਰੀ ਭਗਵੰਤ ਮਾਨ ਸਿੱਖ ਕੌਮ ਦੇ ਕੰਮਾਂ ਵਿੱਚ ਦਖਲਅੰਦਾਜੀ ਕਰਨ ਤੋਂ ਗ਼ੁਰੇਜ਼ ਕਰਨ : ਰਵਿੰਦਰ ਸਿੰਘ ਬ੍ਰਹਮਪੁਰਾ

ਪੰਜਾਬ ਦੇ ਅਸਲ ਮੁੱਦਿਆਂ ਨੂੰ ਕੀਤਾ ਜਾ ਰਿਹੈ ਅੱਖੋਂ-ਪਰੋਖੇ

ਚੋਹਲਾ ਸਾਹਿਬ/ਤਰਨਤਾਰਨ, 19 ਜੂਨ (ਰਾਕੇਸ਼ ਨਈਅਰ) : ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ‘ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ.ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਤੁਹਾਡਾ ਇਹ ਕੰਮ ਗੈਰ ਸੰਵਿਧਾਨਕ ਅਤੇ ਸਿੱਖ ਕੌਮ ਦੇ ਧਾਰਮਿਕ ਕੰਮਾਂ ਵਿੱਚ ਸਿੱਧੀ ਦਖਲ-ਅੰਦਾਜ਼ੀ ਹੈ।ਤੁਹਾਡਾ ਇਹ ਫੈਸਲਾ ਸਿੱਖ ਸੰਗਤ ਕੋਲੋਂ ਗੁਰਬਾਣੀ ਪ੍ਰਚਾਰ ਦਾ ਹੱਕ ਖੋਹ ਕੇ ਗੁਰੂਧਾਮਾਂ ਦੀ ਸਾਂਭ ਸੰਭਾਲ ਸਰਕਾਰੀ ਕਬਜ਼ੇ ਵਿੱਚ ਲੈਣ ਵੱਲ ਪਹਿਲਾ ਕਦਮ ਹੈ।ਤੁਹਾਡੇ ਇਸ ਫੈਸਲੇ ਨੇ ਸ਼੍ਰੀ ਹਰਿਮੰਦਰ ਸਾਹਿਬ ਉੱਤੇ ਮੁਗਲਾਂ,ਅੰਗਰੇਜਾ ਅਤੇ ਇੰਦਰਾ ਗਾਂਧੀ ਦੇ ਜਬਰ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ।

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਾਣਬੁੱਝ ਕੇ ਸਿੱਖਾਂ ਦੇ ਸਰਬੳੱਚ ਸਥਾਨ ਸ੍ਰੀ ਆਕਾਲ ਤਖ਼ਤ ਸਾਹਿਬ ਨਾਲ਼ ਟਕਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਅਸਲ ਮੁੱਦੇ ਜਿਵੇਂ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ,ਬੇਅਦਬੀ ਦੇ ਦੋਸ਼ੀਆਂ ਨੂੰ ਫੜਨਾ,ਸ਼ੁੱਭਦੀਪ ਸਿੰਘ ਸਿੱਧੂ ਮੂਸੇਆਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ,ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਾ,ਪੰਜਾਬ ਦੇ ਪਾਣੀਆਂ ਦਾ ਹੱਕ ਲੈਣਾ ਅਤੇ ਹੋਰ ਵੀ ਕਈ ਮੁੱਦਿਆਂ ਨੂੰ ਅੱਖੋਂ ਪਰੋਖੇ ਕਰਕੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਿਰੁੱਧ ਸਿਆਸੀ ਭੜਾਸ ਕੱਢ ਰਹੇ ਹਨ।ਉਹਨਾਂ ਕਿਹਾ ਕਿ ਮੁੱਖ ਮੰਤਰੀ ਵਿਧਾਨਸਭਾ ਵਿਚ ਮਤਾ ਪਾਸ ਕਰਕੇ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਕਰਕੇ ਨਵੀਨ ਧਾਰਾ ਜੋੜਨ ਦੀ ਗੱਲ ਕਰ ਰਹੇ ਹਨ।ਜਦਕਿ ਸਿੱਖ ਗੁਰਦੁਆਰਾ ਐਕਟ ਪਾਰਲੀਮੈਂਟ ਦੇ ਅਧੀਨ ਹੈ। ਸਿੱਖ ਕੌਮ ਨੇ ਪਾਰਲੀਮੈਂਟ ਦੇ ਇਸ ਐਕਟ ਅਧੀਨ ਗੁਰੂਘਰਾਂ ਸਬੰਧੀ ਫੈਸਲੇ ਲੈਣ ਲਈ ਵੋਟਾਂ ਰਾਹੀਂ ਚੁਣ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਨ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਐਲਾਨਿਆਂ ਫੈਸਲਾ ਖਾਲਸਾ ਪੰਥ ਦੇ ਗੁਰਧਾਮਾਂ ਉੱਤੇ ਹੀ ਨਹੀਂ ਬਲਕਿ ਸਿੱਖ ਕੌਮ ਉੱਤੇ ਵੀ ਸਿੱਧਾ ਹਮਲਾ ਹੈ ਅਤੇ ਖਾਲਸਾ ਪੰਥ ਇਸਦਾ ਮੂੰਹ ਤੋੜ ਜਵਾਬ ਦੇਵੇਗਾ।ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਵੇਈਂਪੁਈ,ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਸੱਤਾ ਚੋਹਲਾ ਸਾਹਿਬ ਮੈਂਬਰ ਬਲਾਕ ਸੰਮਤੀ,ਯੂਥ ਆਗੂ ਜਗਰੂਪ ਸਿੰਘ ਪੱਖੋਪੁਰ ਆਦਿ ਹਾਜ਼ਰ ਸਨ।

Related Articles

Leave a Reply

Your email address will not be published.

Back to top button