ਬਠਿੰਡਾ, 25 ਮਈ (ਸੁਰੇਸ਼ ਰਹੇਜਾ) : ਕਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਜਿੱਥੇ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸਾਸ਼ਨ ਤੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਸਮਾਜ ਸੇਵੀ, ਧਾਰਮਿਕ ਅਤੇ ਉਦਯੋਗਿਕ ਅਦਾਰਿਆਂ ਵਲੋਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲੇ ’ਚ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਿਖੇ 100 ਬੈੱਡਾਂ ਦਾ ਕੋਵਿਡ ਮੇਕ ਸ਼ਿਫਟ ਕਰੋਨਾ ਹਸਪਤਾਲ ਬਣਾਇਆ ਜਾ ਰਿਹਾ ਹੈ।
ਇਹ ਹਸਪਤਾਲ ਜੂਨ ਦੇ ਪਹਿਲੇ ਹਫ਼ਤੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਰਿਫ਼ਾਇਨਰੀ ਵਿਖੇ ਬਣ ਰਹੇ ਕੋਵਿਡ ਮੇਕ ਸਿਫ਼ਟ ਕਰੋਨਾ ਹਸਪਤਾਲ ਦਾ ਦੌਰਾ ਕਰਨ ਮੌਕੇ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਰੋਨਾ ਸ਼ਿਫਟ ਹਸਪਤਾਲ ਨੂੰ ਜੰਗੀ ਪੱਧਰ ’ਤੇ ਤਿਆਰ ਕਰਨ ਲੱਗੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਹਸਪਤਾਲ ਦੇ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਸ ਨੂੰ ਕਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਵਰਤਿਆ ਜਾ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪ੍ਰਾਸ਼ਸਨ ਵਲੋਂ ਰਿਫ਼ਾਇਨਰੀ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਇਸ ਕੋਵਿਡ ਮੇਕ ਸਿਫ਼ਟ ਕਰੋਨਾ ਹਸਪਤਾਲ ਵਿਚ ਹਾਲ ਦੀ ਘੜੀ ਲੈਵਲ 2 ਦੇ 100 ਬੈੱਡਾਂ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ ਜਦਕਿ ਭਵਿੱਖ ਵਿਚ ਕੋਵਿਡ ਮਰੀਜ਼ਾਂ ਦੀ ਸਥਿਤੀ ਦੇ ਮੱਦੇਨਜ਼ਰ ਇਸ ਨੂੰ 200 ਬੈੱਡਾਂ ਤੱਕ ਕੀਤਾ ਜਾਵੇਗਾ। ਇਹ ਹਸਪਤਾਲ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਜੂਨ ਦੇ ਪਹਿਲੇ ਹਫ਼ਤੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ।
ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਕਾਰਜਕਾਰੀ ਇੰਜੀਨੀਅਰ ਅਮੁਲਿਆ ਗਰਗ, ਕਾਰਜਕਾਰੀ ਇੰਜਨੀਅਰ ਬੀ ਐਂਡ ਆਰ ਇਲੈਕਟ੍ਰੀਕਲ ਬਿਜਲੀ ਮੰਡਲ ਸ੍ਰੀ ਜਤਿੰਦਰ ਅਤੇ ਰਿਫਾਇਨਰੀ ਦੇ ਏ.ਜ਼ੀ.ਐਮ. ਸ਼੍ਰੀ ਚਰਨਜੀਤ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।