ताज़ा खबरपंजाब

ਰੱਖੜ ਪੁੰਨਿਆਂ ਦੇ ਪਾਵਨ ਦਿਹਾੜੇ ਮੌਕੇ ਸਰਕਾਰ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ

ਕੈਬਨਿਟ ਮੰਤਰੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਕਰਵਾਇਆ ਜਾਣੂ

ਬਾਬਾ ਬਕਾਲਾ ਸਾਹਿਬ, 31 ਅਗਸਤ (ਸੁਖਵਿੰਦਰ ਬਾਵਾ) : ਰੱਖੜ ਪੁੰਨਿਆ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਸ. ਲਾਲਜੀਤ ਸਿੰਘ ਭੁੱਲਰ, ਸ. ਹਰਭਜਨ ਸਿੰਘ ਈ.ਟੀ.ਓ, ਸ੍ਰੀ ਲਾਲ ਚੰਦ ਕਟਾਰੂਚੱਕ, ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਬੁੱਧ ਰਾਮ, ਬਾਬਾ ਬਕਾਲਾ ਦੇ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ, ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ, ਵਾਈਸ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਕਲਸੀ, ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਸ੍ਰੀ ਅਮਰਪਾਲ ਸਿੰਘ ਕਿਸ਼ਨਕੋਟ ਤੋਂ ਇਲਾਵਾ ਹੋਰ ਵੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲੈਣ ਦੇ ਨਾਲ ਸੂਬੇ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸ ਦੀ ਬਦੌਲਤ ਪਾਰਟੀ ਅਗਾਮੀ ਲੋਕ ਸਭਾ ਦੀਆਂ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀਆਂ, ਪੰਚਾਇਤਾਂ ਅਤੇ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਹੂੰਝਾ ਫੇਰ ਜਿੱਤ ਹਾਸਲ ਕਰੇਗੀ।

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸੀਜ਼ਨ ਦੌਰਾਨ 15325 ਮੈਗਾਵਾਟ ਬਿਜਲੀ ਪੈਦਾ ਕਰਕੇ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ 600 ਯੂਨਿਟ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਤਹਿਤ 90 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਵਿੱਚ ਸੁਧਾਰ ਲਿਆਉਂਦਿਆਂ 117 ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਹਨ।

ਇਸਦੇ ਨਾਲ ਹੀ 650 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 35000 ਤੋਂ ਵੱਧ ਨੌਜਵਾਨਾਂ ਨੂੰ ਨੌਂਕਰੀਆਂ ਦਿੱਤੀਆਂ ਗਈਆਂ ਹਨ। ਸ. ਹਰਭਜਨ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ ਅਤੇ 300 ਤੋਂ ਵੱਧ ਭ੍ਰਿਸ਼ਟਾਚਾਰੀਆਂ ਨੂੰ ਸਿਲਾਖਾਂ ਪਿੱਛੇ ਭੇਜਿਆ ਹੈ।ਇਸ ਮੌਕੇ ਟਰਾਂਸਪੋਰਟ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਸਰਕਾਰ ਨੇ ਇੱਕ ਹੋਰ ਇਤਿਹਾਸਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਅਤੇ ਸਰਕਾਰ ਔਖੀ ਘੜ੍ਹੀ ਵਿੱਚ ਉਨ੍ਹਾਂ ਦੇ ਨਾਲ ਹੈ ਉਨ੍ਹਾਂ ਹਾਜ਼ਰ ਸੰਗਤ ਨੂੰ ਰੱਖੜ ਪੁੰਨਿਆਂ ਦੇ ਤਿਓਹਾਰ ਅਤੇ ‘ਸਾਚਾ ਗੁਰੂ ਲਾਧਾ ਰੇ’ ਦਿਵਸ ਦੀ ਮੁਬਾਰਕਬਾਦ ਵੀ ਦਿਤੀ।

ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਬੀਤੇ ਕੱਲ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਸ: ਧਾਲੀਵਾਲ ਵਲੋਂ ਵਾਤਾਵਰਨ ਸਵੱਛ ਰੱਖਣ ਦੇ ਉਦੇਸ਼ ਨਾਲ ਸਰਕਾਰੀ ਆਈ.ਟੀ.ਆਈ. ਵਿਖੇ ਪੌਦੇ ਵੀ ਲਗਾਏ ਗਏ।

ਇਸ ਮੌਕੇ ਸ੍ਰੀ ਖਡੂਰ ਸਾਹਿਬ ਦੇ ਵਿਧਾਇਕ ਸ੍ਰੀ ਸਰਵਣ ਸਿੰਘ ਧੁੰਨ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਸੈਂਟਰਲ ਤੋਂ ਵਿਧਾਇਕ ਡਾ. ਅਜੇ ਗੁਪਤਾ, ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ,

ਅਟਾਰੀ ਤੋਂ ਵਿਧਾਇਕ ਸ੍ਰੀ ਜਸਵਿੰਦਰ ਸਿੰਘ ਰਮਦਾਸ, ਤਰਨਤਾਰਨ ਤੋਂ ਵਿਧਾਇਕ ਸ੍ਰੀ ਕਸ਼ਮੀਰ ਸਿੰਘ ਸੋਹਲ, ਗਿੱਲ ਤੋਂ ਵਿਧਾਇਕ ਸ੍ਰੀ ਜੀਵਨ ਸਿੰਘ ਸੰਗੋਵਾਲ, ਸਮਰਾਲਾ ਤੋਂ ਵਿਧਾਇਕ ਸ੍ਰੀ ਜਗਤਾਰ ਸਿੰਘ, ਵਿਧਾਇਕ ਨਰਿੰਦਰਪਾਲ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਬੀਬਾ ਜੀਵਨਜੋਤ ਕੌਰ, ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਸ੍ਰੀਮਤੀ ਅਲਕਾ ਕਾਲੀਆ ਤਹਿਸੀਦਾਰ ਸੁਖਦੇਵ ਕੁਮਾਰ ਬਾਬਾ ਬਕਾਲਾ ਸਾਹਿਬ ਸੁਰਜੀਤ ਸਿੰਘ ਕੰਗ ਸੁਖਦੇਵ ਸਿੰਘ ਪੱਡਾ ਸਰਬਜੀਤ ਸਿੰਘ ਖਲਚੀਆਂ ਰਾਜਕਰਨ ਸਰਕਲ ਪ੍ਰਧਾਨ ਅਤੇ ਬਹੁਤ ਸਾਰੇ ਆਗੂ ਹਾਜ਼ਰ ਸਨ।

Related Articles

Leave a Reply

Your email address will not be published.

Back to top button