चंडीगढ़ताज़ा खबरपंजाब

ਵਿਜੀਲੈਂਸ ਬਿਊਰੋ ਨੇ 20,000 ਰੁਪਏ ਦੀ ਰਿਸ਼ਵਤ ਲੈਂਦਾ ਪੁੱਡਾ ਐਕਸੀਅਨ ਕੀਤਾ ਕਾਬੂ

ਚੰਡੀਗੜ੍ਹ, 26 ਦਸੰਬਰ, 2023 (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਨਿਵਾਸੀ ਗੁਰਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉੱਪਰ ਕਾਰਵਾਈ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁੱਡਾ ਐਕਸੀਅਨ ਵੱਲੋਂ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇੜੇ ਪੁੱਡਾ ਦੇ ਬੂਥ ਨੰ. 3 ਨਾਲ ਸਬੰਧਤ ਉਸਦੀ ਬਕਾਇਆ ਦਰਖਾਸਤ ਦਾ ਨਿਪਟਾਰਾ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਜੋ ਕਿ ਉਸਨੂੰ ਸਾਲ 2016 ਵਿੱਚ ਅਲਾਟ ਹੋਇਆ ਸੀ। ਉਸਨੇ ਅੱਗੇ ਕਿਹਾ ਕਿ ਉਕਤ ਐਕਸੀਅਨ ਨੇ ਉਸਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਉਸਨੂੰ 20,000 ਦੀ ਰਿਸ਼ਵਤ ਦੀ ਰਕਮ ਦੇਣ ਵਿੱਚ ਅਸਫਲ ਰਿਹਾ ਤਾਂ ਉਹ ਰਸਮੀ ਕਾਰਵਾਈਆਂ ਕਾਰਨ ਵਿਚਾਰ ਅਧੀਨ ਉਸਦੀ ਅਲਾਟਮੈਂਟ ਰੱਦ ਕਰ ਦੇਵੇਗਾ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published.

Back to top button