ਫਿਰੋਜ਼ਪੁਰ, 12 ਨਵੰਬਰ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੁਲਗੜ੍ਹੀ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜਿਲਾ ਫਿਰੋਜ਼ਪੁਰ ਨੇ ਬਿਉਰੋ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਇਸ ਸ਼ਿਕਾਇਤ ਤੇ ਸਬੂਤਾਂ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਪਿੰਡ ਦੇ ਵਾਸੀ ਮੇਜਰ ਸਿੰਘ ਅਤੇ ਉਸਦੇ ਬੇਟੇ ਖ਼ਿਲਾਫ਼ ਥਾਣਾ ਗੁਲਗੜ੍ਹੀ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜ਼ਮ ਐਸ.ਐਚ.ਓ ਵੱਲੋਂ ਕੀਤੀ ਜਾ ਰਹੀ ਸੀ ਤੇ ਉਸ ਨੇ ਇਸ ਮੁਕੱਦਮੇ ਵਿਚ ਉਨ੍ਹਾਂ ਦੀ ਮੱਦਦ ਕਰਨ ਤੇ ਪੁਲਿਸ ਕੇਸ ਨਾ ਦਰਜ ਕਰਨ ਬਦਲੇ 80,000 ਰੁਪਏ ਦੀ ਮੰਗ ਕੀਤੀ ਹੈ ਜਦਕਿ ਉਕਤ ਪੁਲਿਸ ਅਧਿਕਾਰੀ ਸ਼ਿਕਾਇਤਕਰਤਾ ਤੋਂ 70,000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ। ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।