ਜਲੰਧਰ, 21 ਦਸੰਬਰ (ਰਾਜ ਕਟਾਰੀਆ) : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਖਿਲਾਫ ਪਰਚਾ ਦਰਜ ਕਰਨ ਦੀ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠਿਆ ’ਤੇ ਕਾਂਗਰਸ ਸਰਕਾਰ ਵਲੋਂ ਜੋ ਪਰਚਾ ਦਰਜ ਕਰਵਾਇਆ ਗਿਆ ਹੈ, ਉਹ ਕਾਂਗਰਸ ਸਰਕਾਰ ਦੀ ਬੌਖਲਾਹਟ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਟੀਆ ਕੰਮ ਕਾਂਗਰਸ ਸਰਕਾਰ ਆਪਣੀਆਂ ਨਾਕਾਮੀਆਂ ਛਿਪਾਉਣ ਲਈ ਕਰ ਰਹੀ ਹੈ। ਇਸ ਲਈ ਕਾਂਗਰਸ ਵਲੋਂ ਹੁਣ ਅਕਾਲੀ ਦਲ ਖਿਲਾਫ ਅਜਿਹੀਆਂ ਝੂਠੀਆਂ ਤੇ ਸ਼ਰਮਨਾਕ ਹਰਕਤਾਂ ਕਰਨ ਦਾ ਸਿਲਸਿਲਾ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਬਿਕਰਮ ਸਿੰਘ ਮਜੀਠਿਆ ਦੇ ਖਿਲਾਫ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ।
ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ, ਜੇਕਰ ਹੁਣ ਸਰਕਾਰ ਨੇ ਮਜੀਠਿਆ ਖਿਲਾਫ ਕੋਈ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸ ਸਰਕਾਰ ਨੂੰ ਉਸ ਦਾ ਬਹੁਤ ਵੱਡਾ ਨੁਕਸਾਨ ਭੁਗਤਣਾ ਪੈ ਸਕਦਾ ਹੈ। ਇੰਨਾ ਹੀ ਨਹੀਂ ਪੰਜਾਬ ਦਾ ਨੌਜਵਾਨ ਵਰਗ ਵੀ ਅਕਾਲੀ ਦਲ ਦੇ ਨਾਲ ਖੜਾ ਹੈ, ਜੋ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਹੁਕਮ ਦਾ ਇੰਤਜ਼ਾਰ ਕਰ ਰਿਹਾ ਹੈ। ਸ. ਮਜੀਠਿਆ ਖਿਲਾਫ ਝੂਠਾ ਪਰਚਾ ਦਰਜ ਕਰਨ ਨੂੰ ਲੈ ਕੇ ਪੰਜਾਬ ਦੇ ਲੋਕਾਂ ’ਚ ਕਾਂਗਰਸ ਸਰਕਾਰ ਖਿਲਾਫ ਕਾਫੀ ਰੋਸ ਹੈ।