ਸ਼ਿਮਲਾ 19 ਅਕਤੂਬਰ (ਬਿਊਰੋ) : ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਆਮ ਆਦਮੀ ਪਾਰਟੀ ਦੇ ਖ਼ਿਲਾਫ਼ 29-10-2022 ਨੂੰ ਸ਼ਿਮਲਾ ਵਿਖੇ ਰੱਖੀ ਗਈ ਪੋਲ ਖੋਲ੍ਹ ਰੈਲੀ ਦੀਆਂ ਤਿਆਰੀਆਂ ਪੂਰੇ ਪੰਜਾਬ ਭਰ ਵਿੱਚ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆ ਹਨ। ਹਰ ਇਕ ਐੱਨਪੀਐੱਸ ਅਧੀਨ ਆਉਂਦਾ ਮੁਲਾਜ਼ਮ ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਤਿਆਰ ਹੈ।
ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਪੈਦਾ ਹੋਏ ਰੋਸ ਨੂੰ ਦੇਖਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਸ੍ਰੀ ਹਰਜੋਤ ਬੈਂਸ ਵੱਲੋਂ ਮੀਟਿੰਗ ਦੇ ਲਈ ਬੁਲਾਇਆ ਗਿਆ।
ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਦਾ ਤਿੰਨ ਮੈਂਬਰੀ ਵਫ਼ਦ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਹੇਠ ਸੂਬਾ ਕੈਸ਼ੀਅਰ ਅਮਨਦੀਪ ਸਿੰਘ ਅਤੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਗਤ ਰਾਮ ਨੇ ਮੀਟਿੰਗ ਵਿੱਚ ਭਾਗ ਲਿਆ। ਮੀਟਿੰਗ ਵਿੱਚ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਬੈਂਸ ਅਤੇ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਸੁਰਜੀਤ ਠਾਕੁਰ ਮੌਜੂਦ ਸਨ। ਇਸ ਮੀਟਿੰਗ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਜੋ ਦੂਹਰਾ ਮਾਪਦੰਡ ਆਮ ਆਦਮੀ ਪਾਰਟੀ ਵੱਲੋਂ ਅਪਨਾਇਆ ਗਿਆ ਹੈ। ਜਿਸ ਵਿੱਚ ਪੰਜਾਬ ਵਿੱਚ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਸੱਤ ਮਹੀਨੇ ਦਾ ਸਮਾਂ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅੱਜ ਤੱਕ ਨਹੀਂ ਕੀਤੀ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਇਹ ਗਾਰੰਟੀ ਦੇ ਰਹੀ ਹੈ ਕਿ ਜੇਕਰ ਇਨ੍ਹਾਂ ਸੂਬਿਆਂ ਚ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਤਿੰਨ ਮਹੀਨੇ ਦੇ ਅੰਦਰ ਅੰਦਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਹੋਵੇਗੀ।
ਸਿੱਖਿਆ ਮੰਤਰੀ ਹਰਜੋਤ ਬੈਂਸ ਜੀ ਨਾਲ ਤਕਰੀਬਨ ਡੇਢ ਘੰਟਾ ਚੱਲੀ ਮੀਟਿੰਗ ਵਿਚ ਪੁਰਾਣੀ ਪੈਨਸ਼ਨ ਦੇ ਹਰ ਪੱਖ ਤੇ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੁਝ ਸਮਾਂ ਦਿੱਤਾ ਜਾਵੇ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਦੇ ਉੱਤੇ ਗੰਭੀਰਤਾ ਦੇ ਨਾਲ ਕੰਮ ਕਰ ਰਹੀ ਹੈ ਅਤੇ ਜਲਦ ਹੀ ਇਸ ਮੁੱਦੇ ਨੂੰ ਹੱਲ ਵੀ ਕੀਤਾ ਜਾਵੇਗਾ। ਸੀਪੀਐਫ਼ ਕਰਮਚਾਰੀ ਯੂਨੀਅਨ ਵੱਲੋਂ ਆਪਣਾ ਸਪਸ਼ਟ ਸਟੈਂਡ ਸਿੱਖਿਆ ਮੰਤਰੀ ਹਰਜੋਤ ਬੈਂਸ ਜੀ ਅਤੇ ਹਿਮਾਚਲ ਪ੍ਰਦੇਸ਼ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਰਜੀਤ ਠਾਕੁਰ ਜੀ ਅੱਗੇ ਰੱਖਿਆ ਗਿਆ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨਹੀਂ ਹੁੰਦੀ ਤਾਂ ਸੀਪੀਐਫ਼ ਕਰਮਚਾਰੀ ਯੂਨੀਅਨ 29-10-2022 ਨੂੰ ਸ਼ਿਮਲਾ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਪੋਲ ਖੋਲ੍ਹ ਰੈਲੀ ਜ਼ਰੂਰ ਕਰੇਗੀ। ਇਸ ਰੈਲੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਦੂਹਰੇ ਮਾਪਦੰਡਾ ਤੋਂ ਜਾਣੂ ਕਰਵਾਇਆ ਜਾਵੇਗਾ।
ਸਮੂਹ ਮੁਲਾਜ਼ਮ ਸਾਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ *29-10-2022 ਨੂੰ ਸ਼ਿਮਲਾ ਵਿਖੇ ਹੋਣ ਵਾਲੀ ਪੋਲ ਖੋਲ੍ਹ ਰੈਲੀ* ਵਿੱਚ ਸ਼ਾਮਲ ਹੋਣ ਲਈ ਤਿਆਰ ਰਹੋ। ਪੁਰਾਣੀ ਪੈਨਸ਼ਨ ਸਕੀਮ ਹੱਕ ਹੈ ਅਤੇ ਆਪਣਾ ਹੱਕ ਲੈ ਕੇ ਰਹਾਂਗੇ।