ਹੁਸ਼ਿਆਰਪੁਰ 12 ਅਪ੍ਰੈਲ (ਜਸਵੀਰ ਸਿੰਘ ਪੁਰੇਵਾਲ) : ਸਥਾਨਕ ਨਗਰ ਨਿਗਮ ਵਿੱਚ ਅੱਜ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮੌਜੂਦਗੀ ’ਚ ਹੋਈ ਮੇਅਰ ਦੀ ਚੋਣ ਦੌਰਾਨ ਵਾਰਡ ਨੰ: 18 ਤੋਂ ਕੌਂਸਲਰ ਸੁਰਿੰਦਰ ਕੁਮਾਰ ਸ਼ਿੰਦਾ ਨੂੰ ਮੇਅਰ ਚੁਣਿਆ ਗਿਆ ਅਤੇ ਨਾਲ ਹੀ ਵਾਰਡ ਨੰਬਰ 3 ਤੋਂ ਕੌਂਸਲਰ ਪ੍ਰਵੀਨ ਸੈਣੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਵਾਰਡ ਨੰਬਰ 11 ਤੋਂ ਕੌਂਸਲਰ ਰਣਜੀਤ ਚੌਧਰੀ ਨੂੰ ਡਿਪਟੀ ਮੇਅਰ ਚੁਣਿਆ ਗਿਆ।ਜ਼ਿਕਰਯੋਗ ਹੈ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਨਵੇਂ ਬਣੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ (53) ਪਹਿਲਾਂ ਤਿੰਨ ਵਾਰ ਕੌਂਸਲਰ ਰਹੇ ਹਨ ਅਤੇ ਮੌਜੂਦਾ ਸਮੇਂ ਚੌਥੀ ਵਾਰਡ ਵਾਰਡ ਨੰਬਰ 18 ਤੋਂ 1032 ਵੋਟਾਂ ਲੈ ਕੇ ਜੇਤੂ ਰਹੇ ਸਨ। ਮੇਅਰ ਬਨਣ ਉਪਰੰਤ ਗੱਲਬਾਤ ਕਰਦਿਆਂ ਸੁਰਿੰਦਰ ਕੁਮਾਰ ਸ਼ਿੰਦਾ ਨੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਲਗਨ ਅਤੇ ਸ਼ਿੱਦਤ ਨਾਲ ਨਿਭਾਉਂਦਿਆਂ ਸ਼ਹਿਰ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰਾਂ ਦੇ ਸਹਿਯੋਗ ਸਦਕਾ ਹੁਸ਼ਿਆਰਪੁਰ ਸ਼ਹਿਰ ਵਿੱਚ ਪਹਿਲਾਂ ਤੋਂ ਹੀ ਜੰਗੀ ਪੱਧਰ ’ਤੇ ਹੋ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀ ਸਹੂਲਤ ਲਈ ਨਵੇਂ ਕਾਰਜਾਂ ਨੂੰ ਉਲੀਕਿਆ ਜਾਵੇਗਾ।ਇਸ ਤੋਂ ਪਹਿਲਾਂ ਕਮਿਸ਼ਨਰ ਜਲੰਧਰ ਡਵੀਜ਼ਨਲ ਗੁਰਪ੍ਰੀਤ ਕੌਰ ਸਪਰਾ ਨੇ ਮੇਅਰ ਦੀ ਚੋਣ ਲਈ ਮੀਟਿੰਗ ਦੀ ਕਾਰਵਾਈ ਨੂੰ ਚਲਾਉਣ ਅਤੇ ਮੁਕੰਮਲ ਕਰਨ ਉਪਰੰਤ ਨਵੇਂ ਚੁਣੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਨੂੰ ਸਹੁੰ ਚੁਕਾਈ। ਇਸ ਮੌਕੇ ਸਮੂਹ ਕੌਂਸਲਰਾਂ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ ਅਮਿਤ ਕੁਮਾਰ ਪੰਚਾਲ ਵੀ ਮੌਜੂਦ ਸਨ।ਇਸੇ ਦੌਰਾਨ ਵਾਰਡ ਨੰਬਰ 14 ਤੋਂ ਕੌਂਸਲਰ ਬਲਵਿੰਦਰ ਕੁਮਾਰ ਬਿੰਦੀ ਨੂੰ ਫਾਈਨਾਂਸ ਕਮੇਟੀ ਦਾ ਚੇਅਰਮੈਨ ਅਤੇ ਵਾਰਡ ਨੰਬਰ 1 ਤੋਂ ਕੌਂਸਲਰ ਰਜਨੀ ਡਡਵਾਲ ਅਤੇ ਵਾਰਡ ਨੰਬਰ 45 ਤੋਂ ਕੌਂਸਲਰ ਕੁਲਵਿੰਦਰ ਕੌਰ ਕਪੂਰ ਨੂੰ ਕਮੇਟੀ ਦੇ ਮੈਂਬਰਾਂ ਵਜੋਂ ਚੁਣੇ ਗਏ।ਨਗਰ ਨਿਗਮ ਦੇ ਕਮੇਟੀ ਹਾਲ ਵਿੱਚ ਮੇਅਰ ਦੀ ਚੋਣ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਮੂਹ ਕੌਂਸਲਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਲੋਕਾਂ ਦੀ ਸਹੂਲਤ ਅਨੁਸਾਰ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਉਲੀਕਣ ਅਤੇ ਸਮੇਂ ਸਿਰ ਨੇਪਰੇ ਚਾੜਨ ਨੂੰ ਯਕੀਨੀ ਬਨਾਉਣ ਦੀ ਤਾਕੀਦ ਕੀਤੀ।
ਸਾਰੇ ਕੌਂਸਲਰਾਂ ਦੇ ਸਹਿਯੋਗ ਨਾਲ ਕਰਵਾਵਾਂਗੇ ਮਿਸਾਲੀਆ ਵਿਕਾਸ :-ਸੁੰਦਰ ਸ਼ਾਮ ਅਰੋੜਾ
ਨਵੇਂ ਚੁਣੇ ਗਏ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਸ਼ਹਿਰ ਦਾ ਮਿਸਾਲੀਆ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਹਿਲਾਂ ਹੀ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋ ਰਹੇ ਹਨ ਅਤੇ ਭਵਿੱਖ ਵਿੱਚ ਲੋੜੀਂਦੇ ਪ੍ਰਾਜੈਕਟ ਲਿਆ ਕੇ ਲੋਕਾਂ ਨੂੰ ਲੋੜੀਂਦੀਆਂ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।
ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਮਹਿਲਾਵਾਂ ਲਈ 50 ਫੀਸਦੀ ਰਾਖਵਾਂਕਰਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਂਦਾ ਜਾਵੇਗਾ ਅਤੇ ਪਿਛਲੇ ਸਮਿਆਂ ਵਿੱਚ ਰਹੀਆਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਤਰਜ਼ੀਹੀ ਕਾਰਜ ਸ਼ਹਿਰ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨਾ ਹੈ ਤਾਂ ਜੋ ਹੁਸ਼ਿਆਰਪੁਰ ਦੀ ਦਿੱਖ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਭਾਰਤ ਭੂਸ਼ਨ ਆਸ਼ੂ ਵਲੋਂ ਕੌਂਸਲਰਾਂ ਨੂੰ ਲੋਕਾਂ ਦੀਆਂ ਆਸਾਂ ’ਤੇ ਖਰਾ ਉਤਰਨ ਦੀ ਤਾਕੀਦ:-
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਸਾਰੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ। ਉਨ੍ਹਾਂ ਕਿਹਾ ਕਿ ਕੌਂਸਲਰਾਂ ਵਲੋਂ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਮਿਆਰੀ ਕੰਮ ਕਰਵਾਉਣੇ ਹੁੰਦੇ ਹਨ ਜਿਨ੍ਹਾਂ ਪ੍ਰਤੀ ਉਨ੍ਹਾਂ ਨੂੰ ਪੂਰੇ ਜੀਅ-ਜਾਨ ਨਾਲ ਮਿਹਨਤ ਕਰਕੇ ਸ਼ਹਿਰ ਦੀ ਸੁੰਦਰਤਾ ਦੇ ਪੱਧਰ ਨੂੰ ਹੋਰ ਉਚਾ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੇ ਕੌਂਸਲਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਜਿਸ ਲਈ ਉਨ੍ਹਾਂ ਨੂੰ ਆਪੋ-ਆਪਣੇ ਵਾਰਡਾਂ ਵਿਚਲੇ ਕੰਮਾਂ ਦੀ ਸੂਚੀ ਤਿਆਰ ਕਰਕੇ ਘੱਟ ਸਮੇਂ ਵਿੱਚ ਮੁਕੰਮਲ ਹੋਣ ਵਾਲੇ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਉਣਾ ਚਾਹੀਦਾ ਹੈ ਅਤੇ ਲੰਬੇ ਸਮੇਂ ਵਾਲੇ ਪ੍ਰਾਜੈਕਟਾਂ ਦੀ ਸ਼ੁਰੂਆਤ ਵੀ ਤਰਜ਼ੀਹ ਦੇ ਆਧਾਰ ’ਤੇ ਕਰਵਾਉਣੀ ਚਾਹੀਦੀ ਹੈ।