ਬੇਅਦਬੀ ਕਰਨ ਵਾਲਾ ਵਿਅਕਤੀ ਮੰਦਬੁੱਧੀ ਨਹੀਂ ਹੋ ਸਕਦਾ
ਇਸਦੇ ਪਿੱਛੇ ਕਿਹੜੀਆਂ ਸਾਜ਼ਿਸ਼ਾਂ ਹਨ, ਇਸਦੀ ਜਾਂਚ ਹੋਣੀ ਚਾਹੀਦੀ
ਚੋਹਲਾ ਸਾਹਿਬ/ਤਰਨਤਾਰਨ, 26 ਅਪ੍ਰੈਲ (ਰਾਕੇਸ਼ ਨਈਅਰ) : ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਪਿੰਡ ਗੋਲੇਵਾਲਾ ਫਰੀਦਕੋਟ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਨੇ ਸਿੱਖ ਕੌਮ ਨੂੰ ਧੁਰ ਅੰਦਰ ਤੋਂ ਝੰਜੋੜ ਕੇ ਰੱਖ ਦਿੱਤਾ ਹੈ।ਇਹ ਘਟਨਾਵਾਂ ਜਿਸ ਤਰੀਕੇ ਨਾਲ ਲੜੀਵਾਰ ਵਾਪਰ ਰਹੀਆਂ ਹਨ,ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਘਟਨਾਵਾਂ ਕਿਸੇ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀਆਂ ਹਨ।ਇਸਦੇ ਪਿੱਛੇ ਕਿਹੜੀਆਂ ਸਾਜ਼ਿਸ਼ਾਂ ਹਨ,ਇਸਦੀ ਜਾਂਚ ਹੋਣੀ ਚਾਹੀਦੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੰਪਰਦਾਇ ਕਾਰ ਸੇਵਾ ਸਰਹਾਲੀ ਵਾਲੇ ਸੰਤ ਬਾਬਾ ਹਾਕਮ ਸਿੰਘ ਜੀ ਨੇ ਗੱਲਬਾਤ ਦੌਰਾਨ ਕੀਤਾ।ਸੰਤ ਬਾਬਾ ਹਾਕਮ ਸਿੰਘ ਜੀ ਨੇ ਉਪਰੋਕਤ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀ ਨੇ ਜੋੜਿਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਜਬਰੀ ਜੰਗਲਾ ਟੱਪ ਕੇ ਚੱਲ ਰਹੇ ਸ਼੍ਰੀ ਆਖੰਡ ਪਾਠ ਸਾਹਿਬ ਹੀ ਖੰਡਿਤ ਨਹੀਂ ਕੀਤਾ ਸਗੋਂ ਅਖੰਡ ਪਾਠ ਸਾਹਿਬ ਕਰ ਰਹੇ ਪਾਠੀ ਸਿੰਘਾਂ ਦੀਆਂ ਦਸਤਾਰਾਂ ਵੀ ਲਾਹ ਦਿੱਤੀਆਂ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੁੱਖਦਾਈ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਹਨ।
ਸੰਤ ਬਾਬਾ ਹਾਕਮ ਸਿੰਘ ਜੀ ਨੇ ਕਿਹਾ ਕਿ ਬੇਅਦਬੀ ਕਰਨ ਵਾਲਾ ਵਿਅਕਤੀ ਮੰਦਬੁੱਧੀ ਨਹੀਂ ਹੋ ਸਕਦਾ।ਇਹ ਇਕੱਲਾ ਨਹੀਂ,ਇਸਦੇ ਪਿੱਛੇ ਕੌਣ ਨੇ ਸਭ ਨੰਗੇ ਹੋਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਇਸ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਹੋਣੀ ਚਾਹੀਦੀ ਹੈ ਤਾਂ ਕਿ ਕੋਈ ਵੀ ਗੁਰੂ ਦੋਖੀ ਬੇਅਦਬੀ ਕਰਨ ਬਾਰੇ ਸੋਚ ਵੀ ਨਾ ਸਕੇ।ਸੰਤ ਬਾਬਾ ਹਾਕਮ ਸਿੰਘ ਜੀ ਵਲੋਂ ਸੂਬੇ ‘ਚ ਅਮਨ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ।