ਚੋਹਲਾ ਸਾਹਿਬ/ਤਰਨਤਾਰਨ, 15 ਮਈ (ਰਾਕੇਸ਼ ਨਈਅਰ) : ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ 2022 ਅੱਜ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਬਣਾਏ ਪ੍ਰੀਖਿਆ ਕੇਂਦਰਾਂ ਵਿਚ ਸਫਲਤਾਪੂਰਵਕ ਨੇਪਰੇ ਚੜ੍ਹੀ।ਇਹ ਪ੍ਰੀਖਿਆ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਅੱਠ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਗਈ।ਇਸ ਬਾਰੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਹਰਭਗਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਜਗਵਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਕੁੱਲ 2184 ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਕੀਤੇ ਗਏ ਸਨ ਜਿੰਨਾ ਵਿਚੋਂ 1826 ਵਿਦਿਆਰਥੀ ਇਸ ਪ੍ਰੀਖਿਆ ਵਿੱਚ ਅਪੀਅਰ ਹੋਏ ਅਤੇ 358 ਵਿਦਿਆਰਥੀ ਗੈਰ ਹਾਜਰ ਰਹੇ।ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਐਲੀ.ਸ.ਜਗਵਿੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਹਰਭਗਵੰਤ ਸਿੰਘ ਵੱਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨੂੰ ਹੌਂਸਲਾ ਅਫ਼ਜਾਈ ਦੇਣ ਦੇ ਨਾਲ-ਨਾਲ ਡਿਊਟੀ ਅਮਲੇ ਨੂੰ ਤਨਦੇਹੀ ਨਾਲ ਡਿਊਟੀ ਦੇਣ ਲਈ ਪ੍ਰੇਰਿਤ ਕੀਤਾ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਰਨ ਤਾਰਨ ਦੇ ਪ੍ਰੀਖਿਆ ਕੇਂਦਰ ਦਾ ਦੌਰਾ ਕਰਨ ਉਪਰੰਤ ਉਹਨਾਂ ਕਿਹਾ ਕਿ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਸ਼ਾਂਤੀਪੂਰਵਕ ਚਲ ਰਹੀ ਹੈ ਅਤੇ ਸਬੰਧਿਤ ਸਟਾਫ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਰਹੇ ਹਨ।ਇਸ ਪ੍ਰੀਖਿਆ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸਹਿਬਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਪੱਟੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਪੱਟੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਰਨ ਤਾਰਨ,ਐਸ.ਜੀ.ਏ.ਡੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ,ਡੀ.ਏ ਵੀ ਸੀਨੀਅਰ ਸੈਕੰਡਰੀ ਸਕੂਲ ਪੱਟੀ,ਐਸ.ਜੀ.ਏ.ਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਤਰਨ ਤਾਰਨ ਦੇ ਪ੍ਰੀਖਿਆ ਕੇਂਦਰ ਵਿਜ਼ਿਟ ਕੀਤੇ ਗਏ।