ਬਠਿੰਡਾ, (ਸੁਰੇਸ਼ ਰਹੇਜਾ) : ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 8 ਮਾਰਚ ਨੂੰ ਜ਼ਿਲਾ ਪੱਧਰੀ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾਵੇਗਾ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਲੜਕੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਂਊ ਤਿਆਰੀਆਂ ਦੇ ਮੱਦੇਨਜ਼ਰ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਪੱਧਰੀ ਵਰਚੂਅਲ ਪ੍ਰੋਗਰਾਮ ਰਾਹੀਂ ਮਾਰਚ, 2019 ਤੋਂ ਲੈ ਕੇ ਮਾਰਚ, 2020 ਦਰਮਿਆਨ ਨਵ-ਜੰਮੀਆਂ ਦੇ ਬੱਚੀਆਂ ਦੇ ਮਾਪਿਆਂ ਨੂੰ ਵਿਸ਼ੇਸ਼ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਜ਼ਿਲਾ ਪੱਧਰੀ ਹੋਣ ਵਾਲੇ ਸਮਾਗਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੀਆਂ ਲੜਕੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲਿਆਂ ਤੋਂ ਇਲਾਵਾ ਵਾਕ ਮੈਰਾਥਨ ਵੀ ਕਰਵਾਈ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਸਮਾਗਮ ਮੌਕੇ ਉਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ, ਜਿਨਾਂ ਪਿੰਡਾਂ ’ਚ ਲੜਕੀਆਂ ਦੀ ਜਨਮਦਰ ਵਿਚ ਵਾਧਾ ਹੋਇਆ ਹੈ।
ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈਆਂ ਜਾਣ।
ਇਸ ਮੌਕੇ ਉਪ ਮੰਡਲ ਮੈਜਿਸਟੇ੍ਰਟ ਬਠਿੰਡਾ ਸ਼੍ਰੀ ਬਬਨਦੀਪ ਸਿੰਘ ਵਾਲੀਆ, ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ, ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਆਦਿ ਅਧਿਕਾਰੀ ਸ਼ਾਮਲ ਸਨ।