ਕਪੂਰਥਲਾ ‘ਚ ਮੰਤਰੀ ਰਾਣਾ ਗੁਰਜੀਤ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮਨੁੱਖੀ ਅਧਿਕਾਰ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਾਬਕਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੰਜੂ ਰਾਣਾ ‘ਤੇ ਰਾਣਾ ਵਲੋਂ ਤੰਜ ਕਸਣ ਦਾ ਸਖ਼ਤ ਨੋਟਿਸ ਲਿਆ ਹੈ। ਮਨੁੱਖੀ ਅਧਿਕਾਰ ਕਮਿਸ਼ਨ ਨੇ ਐੱਸਐੱਸਪੀ ਕਪੂਰਥਲਾ ਨੂੰ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਤੁਰੰਤ ਪ੍ਰਭਾਵ ਨਾਲ ਅਪਰਾਧਿਕ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਰਾਣਾ ਗੁਰਜੀਤ ਸਿੰਘ ਨਾਲ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ਚੋਣ ਲੜ ਰਹੀ ਹੈ।
ਉਂਝ ‘ਆਪ’ ਦੀ ਸਾਬਕਾ ਜੱਜ ਮੰਜੂ ਰਾਣਾ ਨੇ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਸੀਜੇਐਮ ਅਦਾਲਤ ਵਿੱਚ ਨਿੱਜੀ ਸ਼ਿਕਾਇਤ ਵੀ ਦਿੱਤੀ ਹੈ। ਇਸ ਸ਼ਿਕਾਇਤ ਵਿੱਚ ਉਸ ਨੇ ਪਿਛਲੇ ਸਾਲ ਨਵੰਬਰ ਵਿੱਚ ਦੁਸਹਿਰੇ ਦੇ ਤਿਉਹਾਰ ਮੌਕੇ ਤੰਜ ਕਸਣ ਲਈ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਸਾਬਕਾ ਜੱਜ ਮੰਜੂ ਰਾਣਾ ਦੀ ਸ਼ਿਕਾਇਤ ‘ਤੇ ਸੁਣਵਾਈ ਕਰਦਿਆਂ ਸਥਾਨਕ ਐੱਸਐੱਚਓ ਨੂੰ ਤਲਬ ਕੀਤਾ ਹੈ ਅਤੇ ਘਟਨਾ ਦੀ ਜਾਂਚ ਵਾਲੇ ਦਿਨ ਬਣੀ ਸਥਿਤੀ ਦੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਸਾਬਕਾ ਜੱਜ ਅਤੇ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ਨੇ ਕਿਹਾ ਕਿ ਸੱਤਾ ਦੇ ਨਸ਼ੇ ‘ਚ ਧੁੱਤ ਹੰਕਾਰੀ ਰਾਣਾ ਗੁਰਜੀਤ ਸਿੰਘ ਨੂੰ ਉਹ ਸਬਕ ਸਿਖਾਕੇ ਰਹੂਗੀ ਕਿ ਉਹ ਹੁਣ ਔਰਤਾਂ ਨਾਲ ਕਿਹੋ ਜਿਹਾ ਸਲੂਕ ਕਰਦੇ ਹਨ। ਸੂਬੇ ਵਿੱਚ ਅਮਨ-ਕਾਨੂੰਨ ਵਿਵਸਥਾ ਦਾ ਦੀਵਾਲਾ ਨਿਕਲਿਆ ਹੋਇਆ ਹੈ। ਪੁਲਿਸ ਨੇ ਜਨਤਕ ਤੌਰ ‘ਤੇ ਤੰਜ ਕਸਣ ਵਾਲੇ ਰਾਣਾ ਗੁਰਜੀਤ ਸਿੰਘ ਵਿਰੁੱਧ ਸਿਆਸੀ ਦਬਾਅ ਹੇਠ ਕੇਸ ਦਰਜ ਨਹੀਂ ਕੀਤਾ।
ਅਦਾਲਤ ਵਿੱਚ ਰਾਣਾ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਵੀ ਸ਼ਿਕਾਇਤ ਭੇਜੀ ਹੈ। ਸ਼ਿਕਾਇਤ ਵਿੱਚ ਰਾਣਾ ਖਿਲਾਫ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ।