ਚੋਹਲਾ ਸਾਹਿਬ/ਤਰਨਤਾਰਨ,17 ਫਰਵਰੀ (ਰਾਕੇਸ਼ ਨਈਅਰ) : ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪਿਛਲੇ ਲੰਬੇ ਸਮੇਂ ਤੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋਇਆ ਹੈ।ਭਾਵੇਂ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਇੱਕ ਵੱਡੇ ਨੁਕਸਾਨ ਤੋਂ ਬਚਾਉਣ ਲਈ ਆਨ-ਲਾਈਨ ਕਲਾਸਾਂ ਵੀ ਲਗਾਈਆਂ।ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਤੋਂ ਬਾਅਦ ਮਾਤਾ-ਪਿਤਾ ਵੱਲੋਂ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਆਪਣੇ ਬੱਚਿਆਂ ਨੂੰ ਸਕੂਲ ਭੇਜਿਆ ਗਿਆ।ਅਧਿਆਪਕਾ ਰਾਜਮਿੰਦਰ ਕੌਰ ਢੱਕਵਾਲਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਅੱਜ ਸਕੂਲ ਆਉਣ ਤੇ ਟਾਫੀਆਂ ਵੰਡ ਕੇ ਸਵਾਗਤ ਕੀਤਾ ਗਿਆ।ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਕਿਹਾ ਕਿ ਵਿਦਿਆਰਥੀ ਲੰਬੇ ਸਮੇਂ ਤੋਂ ਘਰਾਂ ਵਿੱਚ ਰਹਿ ਕੇ ਆਪਣੀ ਪੜ੍ਹਾਈ ਪ੍ਰਤੀ ਗੰਭੀਰ ਨਹੀਂ ਸਨ।ਹੁਣ ਸਕੂਲਾਂ ਦੇ ਖੁੱਲਣ ਨਾਲ ਸਾਡੇ ਬੱਚਿਆਂ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲੇਗਾ।
ਪੰਜਾਬ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਵੱਖ-ਵੱਖ ਸਕੂਲਾਂ ਵਿੱਚ ਹਾਜ਼ਰ ਹੋਏ ਬੱਚੇ ਅਤੇ ਜਸਵਿੰਦਰ ਸਿੰਘ ਸੰਧੂ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ।
ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਸ.ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਬੇਸ਼ੱਕ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਲਗਾਤਾਰ ਯਤਨਸ਼ੀਲ ਰਹੇ ਹਨ,ਪਰੰਤੂ ਹੁਣ ਵਿਦਿਆਰਥੀਆਂ ਦੇ ਸਕੂਲ ਵਿੱਚ ਆਉਣ ਨਾਲ ਉਹਨਾਂ ਨੂੰ ਬਹੁਤ ਕੁਝ ਨਵਾਂ ਸਿੱਖਣ ਲਈ ਮਿਲੇਗਾ।ਉਹਨਾਂ ਸਮੂਹ ਅਧਿਆਪਕਾਂ ਨੂੰ ਆਪਣੇ ਵਿਦਿਆਰਥੀਆਂ ਪ੍ਰਤੀ ਸੁਹਿਰਦ ਰਹਿਣ ਲਈ ਪ੍ਰੇਰਿਤ ਕੀਤਾ।ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਜਗਵਿੰਦਰ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਆਪਣੇ ਵਿਦਿਆਰਥੀਆਂ ਨੂੰ ਪੇਪਰਾਂ ਦੀ ਤਿਆਰੀ ਕਰਵਾਉਣ ਅਤੇ ਪ੍ਰੀ ਬੋਰਡ ਪ੍ਰੀਖਿਆ ਲੈਣ ਲਈ ਕਿਹਾ ਤਾਂ ਜੋ ਵਿਦਿਆਰਥੀ ਫਾਈਨਲ ਪੇਪਰਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਕਰ ਸਕਣ।ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਪਰਮਜੀਤ ਸਿੰਘ ਨੇ ਕਿਹਾ ਕਿ ਸਕੂਲ ਖੁੱਲਣ ਨਾਲ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀਆਂ ਉਮੀਦਾਂ ਬਣੀਆਂ ਹਨ।