ताज़ा खबरपंजाब

ਸ਼੍ਰੋਮਣੀ ਕਮੇਟੀ ਦਾ 9 ਅਰਬ 88 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ

ਸਿੱਖ ਧਰਮ ਦਾ ਪ੍ਰਚਾਰ, ਲੋਕ ਭਲਾਈ ਕਾਰਜ ਤੇ ਪੰਥਕ ਮਸਲਿਆਂ ਦਾ ਸਰਲੀਕਰਨ ਹਨ ਬਜਟ ਤਰਜ਼ੀਹਾਂ : ਐਡਵੋਕੇਟ ਧਾਮੀ

 

ਲੋਕ ਭਲਾਈ ਦੇ ਮੰਤਵ ਨਾਲ ਲੋੜਵੰਦਾਂ ਨੂੰ ਲਾਗਤ ਮੁੱਲ ’ਤੇ ਦਵਾਈਆਂ ਦੇਣ ਲਈ ਚਾਰ ਮੈਡੀਕਲ ਸਟੋਰ ਖੋਲ੍ਹੇ ਜਾਣਗੇ : ਐਡਵੋਕੇਟ ਧਾਮੀ

 

ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ, ਕੁਦਰਤੀ ਆਫ਼ਤਾਂ, ਧਾਰਮਿਕ ਸਹਿਤ ਦੀ ਛਪਾਈ, ਅੰਮ੍ਰਿਤਧਾਰੀ ਵਿਦਿਆਰਥੀ ਨੂੰ ਵਜ਼ੀਫੇ, ਸਿੱਖ ਨਜ਼ਰਬੰਦਾਂ ਦੇ ਕੇਸਾਂ ਦੀ ਪੈਰਵਾਈ ਆਦਿ ਲਈ ਰੱਖੀ ਵਿਸ਼ੇਸ਼ ਰਾਸ਼ੀ

 

 

ਜੰਡਿਆਲਾ ਗੁਰੂ/ਅੰਮ੍ਰਿਤਸਰ, 30 ਮਾਰਚ (ਕੰਵਲਜੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਵਿੱਤੀ ਸਾਲ 2022-23 ਦਾ ਸਾਲਾਨਾ ਬਜਟ 9 ਅਰਬ 88 ਕਰੋੜ 15 ਲੱਖ 53 ਹਜ਼ਾਰ 780 ਰੁਪਏ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ। ਬਜਟ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਇਆ, ਜਿਸ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ 101 ਮੈਂਬਰ ਹਾਜ਼ਰ ਸਨ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਪ੍ਰਵਾਨਗੀ ਦਿੱਤੀ। ਜਥੇਦਾਰ ਪੰਜੋਲੀ ਨੇ ਆਪਣੇ ਬਜਟ ਭਾਸ਼ਣ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਅਤੇ ਖਰਚਿਆਂ ਦੇ ਵੇਰਵੇ ਸਾਂਝੇ ਕੀਤੇ, ਜਿਸ ਅਨੁਸਾਰ ਸਾਲ 2022-23 ਦੌਰਾਨ ਹੋਣ ਵਾਲੇ ਖਰਚਿਆਂ ਦਾ ਅਨੁਮਾਨ 9 ਅਰਬ 88 ਕਰੋੜ 15 ਲੱਖ 53780 ਰੁਪਏ, ਜਦਕਿ ਹੋਣ ਵਾਲੀ ਅਨੁਮਾਨਿਤ ਆਮਦਨ 9 ਅਰਬ 58 ਕਰੋੜ 45 ਲੱਖ 34985 ਰੁਪਏ ਹੈ।


ਪਾਸ ਕੀਤੇ ਗਏ ਬਜਟ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹੋਣ ਵਾਲੀ ਆਮਦਨ ਦੇ ਅਧਾਰ ’ਤੇ ਬਜਟ ਵਿਚ ਖਰਚੇ ਨਿਰਧਾਰਤ ਕਰਦੀ ਹੈ ਅਤੇ ਇਸ ਵਾਰ 29 ਕਰੋੜ 70 ਲੱਖ ਰੁਪਏ ਦੇ ਕਰੀਬ ਆਮਦਨ ਨਾਲੋਂ ਖਰਚ ਵੱਧ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਹ ਫਰਕ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਰੱਖੇ ਏਡਡ ਸਟਾਫ਼ ਦੇ ਫੰਡ ਅਤੇ ਵਿਦਿਆਰਥੀਆਂ ਦੀ ਐਸ.ਸੀ. ਸਕਾਲਰਸ਼ਿਪ ਦੀ ਰਾਸ਼ੀ ਨਾ ਮਿਲਣ ਕਾਰਨ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਸੰਸਥਾ ਪ੍ਰਤੀ ਉਦਾਸੀਨਤਾ ਤਿਆਗ ਕੇ ਤੁਰੰਤ ਸ਼੍ਰੋਮਣੀ ਕਮੇਟੀ ਨੂੰ ਇਹ ਅਦਾਇਗੀ ਕਰਨੀ ਚਾਹੀਦੀ ਹੈ। ਜੇਕਰ ਸਰਕਾਰ ਇਹ ਫੰਡ ਜਾਰੀ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਵਿੱਤੀ ਹਾਲਤ ਹੋਰ ਬੇਹਤਰ ਹੋ ਸਕਦੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿਚ ਵੱਖ-ਵੱਖ ਲੋਕ ਭਲਾਈ ਦੇ ਕਾਰਜਾਂ, ਧਰਮ ਪ੍ਰਚਾਰ, ਪੰਥਕ ਮਸਲਿਆਂ ਦਾ ਸਰਲੀਕਰਨ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪ੍ਰਸਾਰ ਨੂੰ ਤਰਜ਼ੀਹ ਦਿੱਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਲੋਕ ਭਲਾਈ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਤਰਨ ਤਾਰਨ ਵਿਖੇ ਚਾਰ ਮੈਡੀਕਲ ਸਟੋਰ ਖੋਲ੍ਹੇ ਜਾਣਗੇ, ਜਿਥੋਂ ਲੋੜਵੰਦਾਂ ਨੂੰ ਲਾਗਤ ਮੁੱਲ ’ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 200 ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਮੁਫ਼ਤ ਵਿਦਿਆ, ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ 200 ਬੱਚੀਆਂ ਨੂੰ ਇਸੇ ਪ੍ਰੋਗਰਾਮ ਤਹਿਤ ਮੁਫ਼ਤ ਸਿੱਖਿਆ ਜਾ ਰਹੀ ਹੈ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ 30 ਅਕਤੂਬਰ 2022 ਨੂੰ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣ ਨੂੰ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ, ਜਿਸ ਲਈ ਬਜਟ ਅੰਦਰ 1 ਕਰੋੜ 75 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਗਰੀਬ ਅਤੇ ਲੋੜਵੰਦਾਂ ਲਈ ਵੱਖ-ਵੱਖ ਫੰਡਾਂ ਤਹਿਤ 5 ਕਰੋੜ 58 ਲੱਖ ਰੁਪਏ, ਯਾਦਗਾਰਾਂ ਲਈ 3 ਕਰੋੜ 69 ਲੱਖ ਰੁਪਏ, ਸਿਕਲੀਗਰ ਅਤੇ ਵਣਜਾਰੇ ਸਿੱਖਾਂ ਦੀ ਸਹਾਇਤਾ ਲਈ 50 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 96 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਗੁਰਦੁਆਰਾ ਸਾਹਿਬਾਨ, ਧਾਰਮਿਕ ਸਾਹਿਤ ਦੀ ਛਪਾਈ, ਧਰਮੀ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ, ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੇ ਕੇਸਾਂ ਦੀ ਪੈਰਵਾਈ, ਦਿੱਲੀ ਸਿੱਖ ਕਤਲੇਆਮ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਅਤੇ ਬੱਚਿਆਂ ਦੀ ਪੜ੍ਹਾਈ ਆਦਿ ਲਈ ਵੀ ਵਿਸ਼ੇਸ਼ ਫੰਡ ਰੱਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਜਟ ਵਿਚ ਸਿੱਖ ਵਿਰਾਸਤੀ ਖੇਡਾਂ ਲਈ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਅੰਮ੍ਰਿਤਧਾਰੀ ਗੁਰਸਿੱਖ ਬੱਚਿਆਂ ਨੂੰ ਵਜੀਫੇ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਲਈ ਨਵੇਂ ਨਿਵਾਸ ਤਿਆਰ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲਦ ਹੀ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਦੋ ਨਿਵਾਸ ਤਿਆਰ ਕਰ ਲਏ ਜਾਣਗੇ ਅਤੇ ਇਨ੍ਹਾਂ ਨੂੰ ਤਿਆਰ ਕਰਨ ਲਈ ਵਿਸ਼ੇਸ਼ ਰਾਸ਼ੀ ਰਾਖਵੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਬਜਟ ਦੀਆਂ ਤਰਜ਼ੀਹਾਂ ਬਹੁਮੁਖੀ ਹਨ ਅਤੇ ਸ਼੍ਰੋਮਣੀ ਕਮੇਟੀ ਪੰਥਕ ਮਸਲਿਆਂ ਦੀ ਪੈਰਵਾਈ, ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਵਚਨਬਧ ਹੈ ਅਤੇ ਭਵਿੱਖ ਵੀ ਰਹੇਗੀ
ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ 101 ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਮੈਂਬਰ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ।

Related Articles

Leave a Reply

Your email address will not be published.

Back to top button