ताज़ा खबरपंजाब

ਗੈਂਗਸਟਰ ਬਣੇ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀ MP-5 ਬੰਦੂਕਾਂ, 44 ਜਿੰਦਾ ਰੌਂਦ ਸਮੇਤ ਕਾਬੂ

ਚੰਡੀਗੜ੍ਹ, 18 ਅਪ੍ਰੈਲ (ਬਿਊਰੋ) : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਿਦੇਸ਼ੀ ਅਧਾਰਤ ਦੇਸ਼ ਵਿਰੋਧੀ ਅਨਸਰਾਂ ਦੀਆਂ ਸੰਭਾਵਿਤ ਕੋਸ਼ਿਸ਼ਾਂ ਨੂੰ ਨਾਕਾਮ ਕਰਦੇ ਹੋਏ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਸੋਮਵਾਰ ਨੂੰ ਭਗੌੜੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਹਰਸ਼ ਕੁਮਾਰ ਅਤੇ ਉਸ ਦੇ ਸਾਥੀ ਰਾਘਵ ਦੋਵੇਂ ਵਾਸੀ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 44 ਜਿੰਦਾ ਰੌਂਦ ਸਮੇਤ ਵਿਦੇਸ਼ੀ ਐਮਪੀ-5 ਬੰਦੂਕ ਵੀ ਬਰਾਮਦ ਕੀਤੀ ਹੈ।

ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਡੀਜੀਪੀ ਪੰਜਾਬ ਵੀ.ਕੇ. ਭਾਵੜਾ ਨੇ ਦੱਸਿਆ ਕਿ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਕਾਰਵਾਈ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਦੀ ਇੱਕ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਹਰਸ਼ ਨੇ ਖੁਲਾਸਾ ਕੀਤਾ ਕਿ ਉਹ ਮੋਗਾ ਦੇ ਪਿੰਡ ਸ਼ਾਦੀਵਾਲਾ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਰਾਹੀਂ ਅਰਸ਼ ਡੱਲਾ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੂੰ ਮੋਗਾ ਪੁਲਿਸ ਨੇ ਜਨਵਰੀ 2022 ਵਿੱਚ ਗ੍ਰਨੇਡਾਂ ਅਤੇ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਗੋਪੀ ਦੀ ਗ੍ਰਿਫਤਾਰੀ ਤੋਂ ਬਾਅਦ, ਅਰਸ਼ ਡੱਲਾ ਨੇ ਐਨਕ੍ਰਿਪਟਡ ਐਪਸ ਰਾਹੀਂ ਹਰਸ਼ ਕੁਮਾਰ ਨਾਲ ਸੰਪਰਕ ਬਣਾਇਆ ਅਤੇ ਉਸਨੂੰ ਉਸਦੇ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ, ਜਦਕਿ ਅਰਸ਼ ਡੱਲਾ ਨੇ ਘੱਟੋ ਘੱਟ ਦੋ ਮੌਕਿਆਂ ‘ਤੇ ਹਰਸ਼ ਕੁਮਾਰ ਨੂੰ ਫੰਡ ਵੀ ਭੇਜੇ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਖੇਪ ਦਾ ਪ੍ਰਬੰਧ ਵੀ ਅਰਸ਼ ਡੱਲਾ ਵੱਲੋਂ ਕੀਤਾ ਗਿਆ ਹੈ।

ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਥਿਆਰ ਕਿਸ ਚੈਨਲ ਰਾਹੀਂ ਪ੍ਰਾਪਤ ਕੀਤੇ ਅਤੇ ਇਹ ਕਿਸ ਮਕਸਦ ਲਈ ਉਨ੍ਹਾਂ ਤੱਕ ਪਹੁੰਚਾਏ ਗਏ ਸਨ, ਇਸ ਬਾਰੇ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਅਰਸ਼ ਡੱਲਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

Related Articles

Leave a Reply

Your email address will not be published.

Back to top button