ਡਾ.ਕੁਮਾਰ ਵਿਸ਼ਵਾਸ਼ ਦੇ ਘਰ ਪੰਜਾਬ ਪੁਲਿਸ ਦੇ ਛਾਪੇ ਤੋਂ ਬਾਅਦ ਭਖੀ ਸਿਆਸਤ
ਕਾਂਗਰਸੀ ਆਗੂ ਪਰਗਟ ਸਿੰਘ ਅਤੇ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨੂੰ ਲਿਆ ਨਿਸ਼ਾਨੇ
ਚੰਡੀਗੜ੍ਹ, 20 ਅਪ੍ਰੈਲ(ਵਿਸ਼ਵ ਵਾਰਤਾ) : ਕਿਸ ਵੇਲੇ ਅਰਵਿੰਦ ਕੇਜਰੀਵਾਲ ਦੇ ਨੇੜਲੇ ਸਾਥੀਆਂ ਵਿੱਚ ਰਹਿਣ ਵਾਲੇ ਕਵੀ ਕੁਮਾਰ ਵਿਸ਼ਵਾਸ਼ ਦੇ ਘਰ ਅੱਜ ਪੰਜਾਬ ਪੁਲਿਸ ਪਹੁੰਚੀ ਹੈ। ਜਾਣਕਾਰੀ ਅਨੁਸਾਰ ਰੋਪੜ੍ਹ ਦੇ ਥਾਣੇ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਟਿੱਪਣੀ ਕਰਨ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ।
ਜਿਸ ਦਾ ਨੋਟਿਸ ਲੈ ਕੇ ਪੰਜਾਬ ਪੁਲਿਸ ਦੇ ਮੁਲਾਜ਼ਮ ਅੱਜ ਕੁਮਾਰ ਵਿਸ਼ਵਾਸ਼ ਦੇ ਗਾਜੀਆਬਾਦ ਸਥਿਤ ਘਰ ਪਹੁੰਚੇ ਹਨ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ਤੇ ਲਿਆ ਹੈ। ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਇਸ ਨੂੰ ਪੰਜਾਬ ਪੁਲਿਸ ਦੀ ਦੁਰਵਰਤੋਂ ਦੱਸਦਿਆਂ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤਾ ਹੈ।
ਇਸ ਦੇ ਨਾਲ ਹੀ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਪੁਲਿਸ ਦੀ ਦੁਰਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀ ਇਸ ਮੁੱਦੇ ਤੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਪੁਲਿਸ ਦੀ ਵਰਤੋਂ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਨਹੀਂ ਸਗੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਪਰੇਸ਼ਾਨ ਕਰਨ ਲਈ ਕਰ ਰਹੇ ਹਨ।