ਚੋਹਲਾ ਸਾਹਿਬ/ਤਰਨਤਾਰਨ, 07 ਮਈ (ਨਈਅਰ) : ਪੰਜਾਬ ਹੋਮਗਾਰਡਜ਼ ਦਾ ਇੱਕ ਵਫਦ ਆਪਣੀਆਂ ਮੰਗਾਂ ਨੂੰ ਲੈਕੇ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੂੰ ਮਿਲਿਆ।ਇਸ ਵਫ਼ਦ ਦੀ ਅਗਵਾਈ ਕਰਦੇ ਦਇਆ ਸਿੰਘ ਸੰਧੂ ਪੱਟੀ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਲਿਖਿਆ ਮੰਗ ਪੱਤਰ ਕੈਬਨਿਟ ਮੰਤਰੀ ਨੂੰ ਸੌਂਪਦੇ ਹੋਏ ਦੱਸਿਆ ਕਿ ਇਸ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਪੰਜਾਬ ਹੋਮਗਾਰਡਜ਼ ਜਵਾਨਾਂ ਦੀ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਜਲਦ ਲਾਗੂ ਕੀਤੀ ਜਾਵੇ ਅਤੇ ਪੰਜਾਬ ਹੋਮਗਾਰਡਜ਼ ਦੇ ਜਵਾਨਾਂ ਨੂੰ ਸੇਵਾ-ਮੁਕਤ ਹੋਣ ਉਪਰੰਤ ਪੈਨਸ਼ਨ ਦੀ ਸਹੂਲਤ ਵੀ ਜ਼ਰੂਰ ਦਿੱਤੀ ਜਾਵੇ।
ਮੰਗ ਪੱਤਰ ਵਿੱਚ ਲਿਖਿਆ ਹੈ ਕਿ ਹੋਮਗਾਰਡਜ਼ ਦੇ ਵਿਭਾਗ ਵਿੱਚ ਲਗਭਗ 12500 ਹੋਮਗਾਰਡਜ਼ (ਪੁਰਸ਼ ਅਤੇ ਮਹਿਲਾ)ਜਵਾਨ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਰਹੇ ਹਨ ਅਤੇ ਪੰਜਾਬ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਨਾ-ਮਾਤਰ ਤਨਖਾਹ ਹੋਣ ਦੇ ਬਾਵਜੂਦ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਹੁਣ ਤੱਕ 365 ਦੇ ਕਰੀਬ ਜਵਾਨ ਸ਼ਹੀਦ ਹੋ ਚੁੱਕੇ ਹਨ।ਇਸ ਸਭ ਦੇ ਬਾਵਜੂਦ ਪੰਜਾਬ ਦੀਆਂ ਹੁਣ ਤੱਕ ਦੀਆਂ ਸਰਕਾਰਾਂ ਵਲੋਂ ਹੋਮਗਾਰਡਜ਼ ਜਵਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਹੋਮਗਾਰਡਜ਼ ਜਵਾਨਾਂ ਦੀਆਂ ਉਪਰੋਕਤ ਮੰਗਾਂ ਤੋਂ ਇਲਾਵਾ ਬਾਕੀ ਰਹਿੰਦੀਆਂ ਮੰਗਾਂ ਵੱਲ ਵੀ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਨਵੀਂ ਬਣੀ ਸਰਕਾਰ ਵਲੋਂ ਜਲਦ ਧਿਆਨ ਦਿੱਤਾ ਜਾਵੇ।ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਮੁੱਖ ਮੰਤਰੀ ਪੰਜਾਬ ਨੂੰ ਮਿਲ ਕੇ ਹੋਮਗਾਰਡਜ਼ ਜਵਾਨਾਂ ਦੀਆਂ ਮੰਗਾਂ ਵੱਲ ਜ਼ਰੂਰ ਧਿਆਨ ਦਿੱਤਾ ਜਾਵੇਗਾ।ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮਿਲੇ ਇਸ ਵਫ਼ਦ ਵਿੱਚ ਗੁਰਬਚਨਜੀਤ ਸਿੰਘ, ਜਗਜੀਤ ਸਿੰਘ, ਜਸਬੀਰ ਸਿੰਘ, ਵਿਜੇ, ਨਰਿੰਦਰ ਸਿੰਘ ਆਦਿ ਸ਼ਾਮਲ ਸਨ।