ਮਹਿਤਾ ਚੌਂਕ/ਅੰਮ੍ਰਿਤਸਰ,18 ਜੂਨ (ਰਾਕੇਸ਼ ਨਈਅਰ) : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਇਤਿਹਾਸਕ ਗੁਰਦੁਆਰਾ ਕਰਤੇ ਪਰਵਾਨ ‘ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਨੂੰ ਸਭ ਤੋਂ ਵੱਧ ਦੁਖਦਾਇਕ ਕਰਾਰ ਦਿੱਤਾ ਅਤੇ ਇਸ ਘਿਣਾਉਣੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਰ ਰਸੂਖ਼ ਵਰਤਦਿਆਂ ਅਫ਼ਗ਼ਾਨਿਸਤਾਨ ’ਚ ਸਿੱਖ ਭਾਈਚਾਰੇ ਦੀ ਜਾਨ ਮਾਲ ਦੀ ਰਾਖੀ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਲੋੜੀਂਦੇ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਕਾਬਲ ਵਿਖੇ ਸਿੱਖ ਭਾਈਚਾਰੇ ਨਾਲ ਵੱਡਾ ਜ਼ੁਲਮ ਹੋ ਰਿਹਾ ਹੈ।ਉਕਤ ਘਟਨਾ ਅਤੇ ਅਫ਼ਗ਼ਾਨਿਸਤਾਨ ਦੇ ਸਿੱਖਾਂ ਦੇ ਭਵਿੱਖ ਨੂੰ ਲੈ ਕੇ ਵਿਸ਼ਵ ਭਰ ਦੇ ਸਿੱਖਾਂ ਵਿਚ ਭਾਰੀ ਚਿੰਤਾ ਅਤੇ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਦਬ ਸਤਿਕਾਰ ਨੂੰ ਪਹੁੰਚਾਈ ਜਾ ਰਹੀ ਠੇਸ ਨੇ ਸਿੱਖ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ।ਦਮਦਮੀ ਟਕਸਾਲ ਦੇ ਮੁਖੀ ਨੇ ਵਿਸ਼ਵ ਸਿੱਖ ਭਾਈਚਾਰੇ ਨੂੰ ਅਫ਼ਗ਼ਾਨ ਦੇ ਸਿੱਖਾਂ ਦੇ ਭਵਿੱਖ ਨੂੰ ਲੈ ਕੇ ਇਕ ਵਿਸ਼ਵ ਵਿਆਪੀ ਵਿਉਂਤਬੰਦੀ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਸਿੱਖ ਲੀਡਰਸ਼ਿਪ ਨੂੰ ਇਸ ਵੱਲ ਤੁਰੰਤ ਵਿਸ਼ੇਸ਼ ਧਿਆਨ ਦੇਣ ਅਤੇ ਅੱਗੇ ਆਉਣ ਦੀ ਅਪੀਲ ਕੀਤੀ।
ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਸਿੱਖ ਅਮਨ ਪਸੰਦ ਕੌਮ ਹੈ।ਜੋ ਸਰਬੱਤ ਦਾ ਹਮੇਸਾਂ ਭਲਾ ਲੋਚਦੀ ਆਈ ਹੈ ਅਤੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।ਸਿੱਖ ਜਿਸ ਵੀ ਦੇਸ਼ ਵਿਚ ਵੱਸਿਆ ਹੋਇਆ ਹੈ,ਉੱਥੋਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਅਹਿਮ ਯੋਗਦਾਨ ਪਾ ਰਹੇ ਹਨ।ਪਰ ਅਫ਼ਸੋਸ ਹੈ ਕਿ ਅਫ਼ਗ਼ਾਨਿਸਤਾਨ ‘ਚ ਇਸ ਤੋਂ ਪਹਿਲਾਂ ਵੀ ਸਿੱਖਾਂ ‘ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉੱਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ‘ਚ ਨਿਰੰਤਰ ਵਾਧਾ ਹੋ ਰਿਹਾ ਹੈ।ਜਿਸ ਕਰਕੇ ਉੱਥੋਂ ਦੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ।ਉਨ੍ਹਾਂ ਸੰਯੁਕਤ ਰਾਸ਼ਟਰ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ.ਐਸ ਜੈ ਸ਼ੰਕਰ ਨੂੰ ਅਫ਼ਗ਼ਾਨਿਸਤਾਨ ਵਿਚ ਰਹਿੰਦੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਤੁਰੰਤ ਠੋਸ ਕਦਮ ਚੁੱਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ਼ ਕਰਨ ਦੀ ਅਪੀਲ ਕੀਤੀ ਹੈ।ਇਸ ਮੌਕੇ ਉਨ੍ਹਾਂ ਭਾਰਤ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਤੋਂ ਪੰਜਾਬ ਦਾ ਅਧਿਕਾਰ ਖ਼ਤਮ ਕਰਨ ਪ੍ਰਤੀ ਰਚੀ ਜਾ ਰਹੀ ਸਾਜ਼ਿਸ਼ ਨੂੰ ਤੁਰੰਤ ਰੋਕਦਿਆਂ ਬੱਚਿਆਂ ਦੇ ਭਵਿੱਖ ਦੇ ਮੱਦੇਨਜ਼ਰ ਇਸ ਨੂੰ ਪੰਜਾਬ ਦੇ ਅਧਿਕਾਰ ਅਧੀਨ ਬਣਾਈ ਰੱਖਣ ਲਈ ਕਿਹਾ ਹੈ।