ਚੰਡੀਗੜ੍ਹ, 23 ਜੁਲਾਈ (ਬਿਊਰੋ) : ਪੰਜਾਬ ਦੇ ਕਿਸਾਨਾਂ ਲਈ ਸੀ.ਐਮ. ਭਗਵੰਤ ਮਾਨ ਸਰਕਾਰ ਨੇ ਵੱਡਾ ਐਲਾਨ ਕਰਦੇ ਹੋਏ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਰਾਹਤ ਦਿੱਤੀ ਹੈ। ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਤੋਂ ਵਾਂਝੇ ਕਿਸਾਨਾਂ ਲਈ ਸਮਾਂ ਸੀਮਾ ਵਧਾ ਕੇ 15 ਸਤੰਬਰ ਕਰ ਦਿੱਤੀ ਹੈ।
ਸੀ.ਐਮ. ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖਰਚੇ ਵਿੱਚ ਵੀ ਕਟੌਤੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨ ਇਸ ਸਕੀਮ ਦਾ ਲਾਭ ਲੈ ਚੁੱਕੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਕਾਰਨ 123 ਕਰੋੜ ਰੁਪਏ ਦੀ ਬਚਤ ਹੋਈ ਹੈ।