ਜੰਡਿਆਲਾ ਗੁਰੂ 06 ਦਸੰਬਰ (ਕੰਵਲਜੀਤ ਸਿੰਘ ਲਾਡੀ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 26 ਨਵੰਬਰ ਤੋਂ ਲਗਾਤਾਰ ਪੰਜਾਬ ਭਰ ਦੇ ਡੀਸੀ ਦਫਤਰਾਂ ਤੇ ਚੱਲ ਰਹੇ ਲੰਬੇ ਸਮੇਂ ਦੇ ਮੋਰਚਿਆਂ ਦੌਰਾਨ, ਪੰਜਾਬ ਭਰ ਵਿੱਚ, ਦਸਵੇਂ ਦਿਨ ਵੱਡੇ ਕਾਫਲਿਆਂ ਦੇ ਰੂਪ ਵਿੱਚ ਪੰਜਾਬ ਭਰ ਦੇ ਮੈਂਬਰ ਪਾਰਲੀਮੈਂਟਾਂ ਨੂੰ ਕੇਂਦਰ ਨਾਲ ਸਬੰਧਤ ਮੋਰਚੇ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ। ਇਸ ਮੌਕੇ ਜਿਲ੍ਹਾ ਅੰਮ੍ਰਿਤਸਰ ਵਿਚ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿਚ ਸੈਂਕੜੇ ਦੀ ਗਿਣਤੀ ਵਿਚ ਕਿਸਾਨਾਂ ਮਜ਼ਦੂਰਾਂ ਨੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਆਗੂਆਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਫੈਸਲੇ ਕੀਤੇ ਜਾ ਰਹੇ ਹਨ ਅਤੇ ਸਟੇਟਾਂ ਦੇ ਅਧਿਕਾਰ ਮੋਦੀ ਸਰਕਾਰ ਆਪਣੇ ਹੱਥਾਂ ਵਿਚ ਜਾ ਰਹੇ ਹਨ। ਓਹਨਾ ਕਿਹਾ ਕਿ ਅੱਜ ਸੰਸਦ ਮੈਬਰਾਂ ਨੂੰ ਮੰਗ ਪੱਤਰ ਦਾ ਇੱਕ ਮੰਤਵ ਇਹ ਵੀ ਹੈ ਕਿ ਪਾਰਲੀਮੈਂਟ ਦੇ ਆ ਰਹੇ ਸ਼ੀਤ ਕਾਲੀਨ ਸਤਰ ਵਿੱਚ ਪੰਜਾਬ ਤੋਂ ਚੁਣੇ ਗਏ ਸਾਂਸਦ ਸੰਸਦ ਵਿਚ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਨ।
ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਰੂਰਲ ਡਵੇਲਪਮੈਂਟ ਫੰਡ ਰੋਕਣ ਤੇ ਸਖ਼ਤ ਐਤਰਾਜ਼ ਜਿਤਾਇਆ,ਓਹਨਾ ਕਿਹਾ ਕਿ ਦਿੱਲੀ ਮੋਰਚੇ ਵਿਚ ਕੀਤੇ ਵਾਅਦੇ ਅਨੁਸਾਰ ਕੇਂਦਰ ਸਰਕਾਰ ਮੋਰਚੇ ਦੀਆਂ ਵਿਚ ਮਨੀਆ ਗਈਆਂ ਮੰਗਾਂ ਤੇ ਤੁਰੰਤ ਕੰਮ ਕਰੇ, ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਤੇ ਤੁਰੰਤ ਕਰਵਾਈ ਕੀਤੀ ਜਾਵੇ ਅਤੇ ਕਾਂਡ ਦੇ ਸਾਜ਼ਿਸ਼ ਕਰਤਾ ਤੇ 120ਬੀ ਦੇ ਦੋਸ਼ੀ ਅਜੈ ਮਿਸ਼ਰਾ ਟੈਂਨੀ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਕੇ ਜੇਲ੍ਹ ਚ ਸੁੱਟਿਆ ਜਾਵੇ, ਪੀੜਤ ਧਿਰ ਦੇ ਕਿਸਾਨਾਂ ਤੇ ਕੀਤੇ ਪਰਚੇ ਰੱਦ ਕੀਤੇ ਜਾਣ, ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦਾ ਭਾਅ C 2+50% ਦੇ ਹਿਸਾਬ ਨਾਲ ਦਿੱਤਾ ਜਾਵੇ, ੨੩ ਫ਼ਸਲਾਂ ਤੇ ਐਮ ਐਸ ਪੀ ਦਾ ਗਰੰਟੀ ਕਨੂੰਨ ਬਣਾਇਆ ਜਾਵੇ,ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਖਤਮ ਕੀਤੇ ਜਾਣ, ਬਿਜਲੀ ਵੰਡ ਲਾਇਸੈਂਸ ਨਿਜ਼ਮ 2022 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਐੱਸ ਵਾਈ ਐਲ ਦੇ ਮਸਲੇ ਦਾ ਹੱਲ ਰਾਏਪੇਰੀਆਨ ਕਨੂੰਨ ਦੇ ਹਿਸਾਬ ਨਾਲ ਕੀਤਾ ਜਾਵੇ, ਮੋਰਚਿਆਂ ਵਿਚ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜੇ ਜਾਰੀ ਕੀਤੇ ਜਾਣ, ਮਨਰੇਗਾ ਤਹਿਤ ਦਿਹਾੜੀ ਦੁਗਣੀ ਕੀਤੀ ਜਾਵੇ ਅਤੇ ਮਨਰੇਗਾ ਦਾ ਬਜ਼ਟ ਪੂਰਾ ਰੱਖ ਕੇ ਸਾਲ ਦੇ 365 ਦਿਨ ਰੁਜ਼ਗਾਰ ਮੁਹਈਆ ਹੋਵੇ, ਰੁਕੇ ਹੋਏ ਮਨਰੇਗਾ ਬਕਾਏ ਤੁਰੰਤ ਜਾਰੀ ਹੋਣ, ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਖਤਮ ਕੀਤੇ ਜਾਣ, ਬਾਡਰ ਤੇ ਲੱਗੀ ਕੰਡਿਆਲੀ ਤਾਰ ਜ਼ੀਰੋ ਲਾਈਨ ਤੇ ਕੀਤੀ ਜਾਵੇ ਅਤੇ ਤਾਰ ਪਾਰਲੇ ਖੇਤਾਂ ਵਿਚ ਕੰਮ ਕਰਨ ਦਾ ਸਮਾਂ ਵਧਾਇਆ ਜਾਵੇ, ਅੰਦੋਲਨਾਂ ਵਿਚ ਸੈਂਟਰ ਤੇ ਪੰਜਾਬ ਸਰਕਾਰ ਵੱਲੋਂ ਪਾਏ ਪਰਚੇ ਰੱਦ ਕੀਤੇ ਜਾਣ, ਦਿੱਲੀ ਤੇ ਹਰਿਆਣਾ ਵਿਚ ਦਿੱਲੀ ਮੋਰਚੇ ਦੌਰਾਨ ਫੜੇ ਗਏ ਟਰੈਕਟਰ ਆਦਿ ਸਾਧਨ ਛੱਡੇ ਜਾਣ ਆਦਿ ਮੁੱਖ ਮੰਗਾ ਹਨ।ਇਸ ਸਮੇਂ ਮੋਰਚੇ ਨੂੰ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਇਵਾਲ, ਕੰਵਰਦਲੀਪ ਸੈਦੋਲੇਹਲ, ਅਮਰਦੀਪ ਸਿੰਘ ਗੋਪੀ, ਸਵਿੰਦਰ ਸਿੰਘ ਰੂਪੋਵਾਲੀ, ਬਲਵਿੰਦਰ ਸਿੰਘ ਕਲੇਰ ਬਾਲਾ, ਗੁਰਭੇਜ ਸਿੰਘ ਝੰਡੇ, ਮੁਖਤਾਰ ਸਿੰਘ ਭੰਗਵਾ, ਕੰਵਲਜੀਤ ਸਿੰਘ, ਮੇਜ਼ਰ ਸਿੰਘ ਅਬਦਾਲ, ਮੰਗਵਿੰਦਰ ਸਿੰਘ, ਦਿਲਬਾਗ ਸਿੰਘ ਖਾਪੜਖੇੜੀ, ਕਿਰਪਾਲ ਸਿੰਘ ਕਲੇਰ ਮਾਂਗਟ,ਗੁਰਬਾਜ਼ ਸਿੰਘ, ਸੁਖਦੇਵ ਸਿੰਘ ਕਾਜ਼ੀਕੋਟ ਨੇ ਇੱਕਠ ਨੂੰ ਸੰਬੋਧਨ ਕੀਤਾ | ਇਸ ਮੌਕੇ ਵੱਖ ਵੱਖ ਜ਼ੋਨਾ ਤੋਂ ਹਜ਼ਾਰਾ ਦੀ ਗਿਣਤੀ ਵਿਚ ਕਿਸਾਨਾਂ ਮਜਦੂਰਾਂ ਤੇ ਔਰਤਾਂ ਨੇ ਹਾਜ਼ਰੀ ਭਰੀ |