ਚੋਹਲਾ ਸਾਹਿਬ/ਤਰਨਤਾਰਨ, 23 ਫਰਵਰੀ (ਰਾਕੇਸ਼ ਨਈਅਰ) : ਧਰਮ ਪ੍ਰਚਾਰ ਕਮੇਟੀ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਨਨਕਾਣਾ ਸਾਹਿਬ ਦੇ 102 ਸਾਲਾ ਸ਼ਤਾਬਦੀ ਸਮਾਗਮ ਦਾ ਆਯੋਜਨ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਜੀ ਪਿੰਡ ਗੋਦਰਪੁਰ ਜਿਲ੍ਹਾ ਗੁਰਦਾਸਪੁਰ ਵਿਖੇ ਸ.ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਨਿਗਰਾਨੀ ਵਿਚ ਕੀਤਾ ਗਿਆ। ਜਿਸ ਵਿਚ ਗੁਰੂ ਅਰਜਨ ਦੇਵ ਖਾਲਸਾ ਕਾਲਜ,ਚੋਹਲਾ ਸਾਹਿਬ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਮਾਣਯੋਗ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਲੱਗ ਅਲੱਗ ਸਕੂਲਾਂ ਅਤੇ ਕਾਲਜਾਂ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦੇ ਚੈੱਕ ਵੀ ਵੰਡੇ ਗਏ।
ਜਿਸ ਤਹਿਤ ਇਸ ਕਾਲਜ ਦੇ ਲਗਭਗ 180 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1034000/- (ਦੱਸ ਲੱਖ ਚੌਂਤੀ ਹਜਾਰ ਰੁਪਏ) ਦੀ ਵਜੀਫਾ ਰਾਸ਼ੀ ਦਾ ਚੈਕ ਦਿੱਤਾ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਧਰਮ ਅਤੇ ਵਿੱਦਿਆ ਦੇ ਖੇਤਰ ਵਿੱਚ ਸਾਰਥਕ ਉਪਰਾਲੇ ਕਰਦੀ ਰਹੀ ਹੈ ਅਤੇ ਅੱਗੇ ਤੋਂ ਵੀ ਅਜਿਹੇ ਉਪਰਾਲੇ ਕਰਨ ਲਈ ਵਚਨਬੱਧ ਹੈ।ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਹਰ ਸਾਲ 10+1,10+2 ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 5000 ਰੁਪਏ, ਗਰੈਜੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ਨੂੰ 8000 ਰੁਪਏ ਅਤੇ ਪੋਸਟ ਗ੍ਰੈਜੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ਨੂੰ 10000 ਰੁਪਏ ਵਜੀਫਾ ਰਾਸ਼ੀ ਵਜੋਂ ਦਿਤੇ ਜਾਦੇ ਹਨ। ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ.ਕੰਵਲਜੀਤ ਕੌਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵਜੀਫਾ ਰਾਸ਼ੀ ਦੇਣ ਤੇ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਵਿੱਚ 10+1 ਅਤੇ 10+2 ਕਲਾਸਾਂ ਵਿਚ ਦਾਖਲਾ ਅਤੇ ਗ੍ਰੈਜੂਏਸ਼ਨ ਕਲਾਸਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।