ਅੰਮ੍ਰਿਤਸਰ, 24 ਅਪ੍ਰੈਲ (ਕੰਵਲਜੀਤ ਸਿੰਘ ਲਾਡੀ) : ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ ਅਤੇ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਹਲਕੇ ਦੇ ਵਿਧਾਇਕ ਸ੍ਰੀ ਅਜੈ ਗੁਪਤਾ ਨੇ ਅੱਜ ਵਾਰਡ ਨੰਬਰ 69 ਦੇ ਅਧੀਨ ਪੈਂਦੇ ਇਲਾਕੇ ਅਨ੍ਹਗੜ੍ਹ ਵਿੱਖੇ 1.5 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਪੁੱਟਪਾਥ ’ਤੇ ਟਾਈਲਾਂ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਵਿਧਾਇਕ ਗੁਪਤਾ ਨੇ ਦੱਸਿਆ ਕਿ ਇਹ ਦੋਵੇਂ ਇਲਾਕੇ ਵਿਕਾਸ ਵਜੋਂ ਕਾਫ਼ੀ ਪਿਛੜੇ ਹੋਏ ਹਨ ਅਤੇ ਇਨਾਂ ਇਲਾਕਿਆਂ ਦਾ ਪਹਿਲ ਦੇ ਆਧਾਰ ਤੇ ਵਿਕਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੀ ਸਰਕਾਰੀ ਆਮ ਲੋਕਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੈ। ਵਿਧਾਇਕ ਗੁਪਤਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਸਾਰੇ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਵਿਕਾਸ ਕਾਰਜਾਂ ਦੇ ਕੰਮ ਵਿੱਚ ਕੋਈ ਵੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਵਿੱਚ ਲਗਣ ਵਾਲਾ ਪੈਸਾ ਆਮ ਲੋਕਾਂ ਦਾ ਪੈਸਾ ਹੈ ਅਤੇ ਇਹ ਪੈਸਾ ਆਮ ਲੋਕਾਂ ਲਈ ਹੀ ਖਰਚ ਕੀਤਾ ਜਾਵੇਗਾ। ਇਸ ਮੌਕੇ ਵਾਰਡ ਇੰਚਾਰਜ ਲਖਵਿੰਦਰ ਸਿੰਘ ਲੱਖਾ , ਅਜੈ ਸ਼ੇਰ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।