ताज़ा खबरपंजाब

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਲਾਪਰਵਾਹੀ ਨਾ ਵਰਤੀ ਜਾਵੇ : ਡਿਪਟੀ ਕਮਿਸ਼ਨਰ

ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ

ਅੰਮ੍ਰਿਤਸਰ,  03 ਅਕਤੂਬਰ (ਸਾਹਿਲ ਗੁਪਤਾ/ ਸੁਖਵਿੰਦਰ ਬਾਵਾ) : ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ, ਲੇਬਰ ਅਤੇ ਬਾਰਦਾਨੇ ਦੀ ਉਪਲਬਧਾ ਆਦਿ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਸਾਰੇ ਅਧਿਕਾਰੀਆਂ ਨੂੰ ਜਾਣੂੰ ਕਰਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੋ ਜਾਵੇਗੀ ਜਿਸ ਦੇ ਮੱਦੇਨਜ਼ਰ ਕਿਸੇ ਵੀ ਮੰਡੀ ਵਿੱਚ ਆਪਣੀ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ, ਮਜ਼ਦੂਰਾਂ ਸਮੇਤ ਹੋਰ ਵਰਗਾਂ ਲਈ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣ ਦੀ ਹਦਾਇਤ ਵੀ ਕੀਤੀ।

ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ 47 ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਜਾਣੀ ਹੈ ਅਤੇ ਇੱਥੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਾਰੇ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਜਿਲਾ ਮੰਡੀ ਅਫਸਰ ਸ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਵੇਲੇ ਤੱਕ 26 ਮੰਡੀਆਂ ਵਿੱਚ ਝੋਨੇ ਦੀ ਅਗੇਤੀ ਪੱਕਣ ਵਾਲੀ ਕਿਸਮ ਆ ਚੁੱਕੀ ਹੈ ਅਤੇ 15 ਲੱਖ ਕੁਇੰਟਲ ਬਾਸਮਤੀ ਦੀ ਖਰੀਦ ਵਪਾਰੀਆਂ ਵੱਲੋਂ ਕੀਤੀ ਵੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਰਕਾਰੀ ਖਰੀਦ ਲਈ ਵੀ ਸਾਰੀਆਂ ਏਜੰਸੀਆਂ ਤਿਆਰ ਹਨ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Related Articles

Leave a Reply

Your email address will not be published.

Back to top button