ਅੰਮ੍ਰਿਤਸਰ, ਜੰਡਿਆਲਾ ਗੁਰੂ 07 ਅਕਤੂਬਰ (ਕੰਵਲਜੀਤ ਸਿੰਘ ਲਾਡੀ) : ਪੰਜਾਬ ਸਰਕਾਰ ਵਲੋਂ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਜਲ ਸਰੋਤ ਵਿਭਾਗ ਪੰਜਾਬ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸ ਲਈ ਕਈ ਰਾਜਬਾਹੇ ਅਤੇ ਮਾਈਨਰ ਪੱਕੇ ਕੀਤੇ ਜਾ ਰਹੇ ਹਨ।
ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲੇ ਰਾਜਬਾਹੇ ਨੂੰ ਪੱਕਾ ਕਰਨ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨਾਂ ਦੱਸਿਆ ਕਿ ਜੰਡਿਆਲਾ ਰਾਜਬਾਹਾ ਦੀ ਕੰਕਰੀਟ ਦੇ ਲਾਈਨਿੰਗ ਦੇ ਕੰਮ ਉਤੇ ਤਕਰੀਬਨ 1 ਕਰੋੜ 65 ਲੱਖ ਰੁਪਏ ਖਰਚ ਆਉਣਗੇ ਅਤੇ ਇਸ ਕੰਕਰੀਟ ਲਾਈਨਿੰਗ ਦੀ ਕੁੱਲ ਲੰਬਾਈ 14855 ਫੁੱਟ ਹੈ। ਉਨਾਂ ਦੱਸਿਆ ਕਿ ਇਸ ਕੰਮ ਨਾਲ ਪਿੰਡ ਜਾਨੀਆ, ਠੱਠੀਆਂ, ਗੁਨੋਵਾਲ ਅਤੇ ਜੰਡਿਆਲੇ ਦੇ ਤਕਰੀਬਨ 2600 ਏਕੜ ਨੂੰ ਬਿਹਤਰ ਢੰਗ ਨਾਲ ਨਹਿਰੀ ਪਾਣੀ ਦੀ ਸਹੂਲਤ ਪ੍ਰਦਾਨ ਹੋਵੇਗੀ।
ਉਨਾਂ ਨੇ ਕਿਹਾ ਕਿ ਵਿਭਾਗ ਕਿਸਾਨ ਭਲਾਈ ਲਈ ਸਮਰਪਿਤ ਹੈ ਅਤੇ ਆਉਣ ਵਾਲੇ ਇਨਾਂ ਕੰਮਾਂ ਦਾ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਸ: ਈ:ਟੀ:ਓ: ਨੇ ਦੱਸਿਆ ਕਿ ਇਹ ਸਾਰਾ ਕੰਮ ਦੋ ਮਹੀਨੇ ਦੇ ਅੰਦਰ ਮੁਕੰਮਲ ਕੀਤਾ ਜਾਵੇਗ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੰਮ ਤਸੱਲੀਬਖਸ਼ ਹੋਣਾ ਚਾਹੀਦਾ ਹੈ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਖੜੋਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ: ਈ:ਟੀ:ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੇ ਝੋਨੇ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ ਝੋਨੇ ਦੇ ਇਕ-ਇਕ ਦਾਣੇ ਦੀ ਅਦਾਇਗੀ ਕੀਤੀ ਜਾਵੇਗੀ।
ਇਸ ਮੌਕੇ ਚੇਅਰਮੈਨ ਛਨਾਖ ਸਿੰਘ, ਸਤਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ, ਸ੍ਰੀ ਨਰੇਸ਼ ਪਾਠਕ, ਤੇਜਦੀਪ ਸਿੰਘ ਬਿੱਟੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਜੰਡਿਆਲੇ ਰਾਜਬਾਹੇ ਨੂੰ ਪੱਕਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਦੇ ਹੋਏ।