ਜਲੰਧਰ, 29 ਨਵੰਬਰ (ਕਬੀਰ ਸੌਂਧੀ) : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਚ ਸ਼ਾਂਤਮਈ ਬੈਠ ਕੇ ਗੁਰਬਾਣੀ ਦਾ ਪਾਠ ਕਰ ਰਹੀ ਸੰਗਤ ’ਤੇ ਹਮਲਾ ਕਰਵਾਇਆ ਬਲਕਿ ਇਸਨੇ ਤਿੰਨ ਬੇਦੋਸ਼ੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਨੂੰ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੰਭਾਲਣ ਦੀ ਕੋਸ਼ਿਸ਼ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਇਥੇ ਗੁਰਪ੍ਰੀਤ ਸਿੰਘ ਦੇ ਮਾਪਿਆਂ ਦੇ ਨਾਲ ਰਲ ਕੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਨੂੰ ਸੁਲਤਾਨਪੁਰ ਲੋਧੀ ਵਿਚ 22 ਨਵੰਬਰ ਨੂੰ ਗੁਰਦੁਆਰਾ ਅਕਾਲ ਬੁੰਗਾ ਵਿਖੇ 21 ਨਵੰਬਰ ਨੂੰ ਵਾਪਰੀ ਘਟਨਾ ਲਈ ਗ੍ਰਿਫਤਾਰ ਕੀਤਾ ਗਿਆ। ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਨਿਸ਼ਾਨ ਸਿੰਘ ਤੇ ਬਘੇਲ ਸਿੰਘ ਨੂੰ 22 ਨਵੰਬਰ ਨੂੰ ਸੁਲਤਾਨਪੁਰ ਲੋਧੀ ਤੋਂ 21 ਨਵੰਬਰ ਨੂੰ ਗੁਰਦੁਆਰਾ ਅਕਾਲ ਬੁੰਗਾ ਵਿਖੇ ਵਾਪਰੀ ਘਟਨਾ ਲਈ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਕਿ ਅਸਲ ਵਿਚ ਉਹ ਉਸ ਦਿਨ ਸ੍ਰੀ ਦਰਬਾਰ ਸਾਬਿ ਵਿਚ ਮੌਜੂਦ ਸਨ। ਉਹਨਾਂ ਨੇ ਸੀ ਸੀ ਟੀ ਵੀ ਕੈਮਰਿਆਂ ਦੀ ਵੀਡੀਓ ਵਿਖਾ ਕੇ ਸਾਬਤ ਵੀ ਕੀਤਾ ਕਿ ਤਿੰਨੋਂ 21 ਨਵੰਬਰ ਨੂੰ ਅੰਮ੍ਰਿਤਸਰ ਵਿਚ ਮੌਜੂਦ ਸਨ।
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ’ਤੇ ਹਮਲੇ ਦੇ ਹੁਕਮ ਦਿੱਤੇ ਤਾਂ ਜੋ ਮੁੱਖ ਮੰਤਰੀ ਦੀ ਭੈਣ ਤੇ ਪਤਨੀ ਦੇ ਕਰੀਬੀ ਬਾਬਾ ਬਲਬੀਰ ਸਿੰਘ ਦਾ ਗੁਰਦੁਆਰਾ ਸਾਹਿਬ ’ਤੇ ਮੁੜ ਕਬਜ਼ਾ ਕਰਵਾਇਆ ਜਾ ਸਕੇ ਤੇ ਹੁਣ ਮਾਸੂਮ ਤੇ ਨਿਰਦੋਸ਼ ਲੋਕਾਂ ਨੂੰ ਕੇਸ ਵਿਚ ਫਸਾਇਆ ਜਾ ਰਿਹਾ ਹੈ ਕਿਉਂਕਿ ਉਹ ਅੰਮ੍ਰਿਤਧਾਰੀ ਹਨ ਤੇ ਵਾਪਰੀ ਘਟਨਾ ਤੋਂ ਇਕ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਮੌਜੂਦ ਸਨ।
ਸਰਦਾਰ ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਨੇ ਸਿਰਫ ਇਕ ਏਕੜ ਖੇਤੀਬਾੜੀ ਜ਼ਮੀਨ ਦੇ ਮਾਲਕ ਕਿਸਾਨ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦੋਂ ਕਿ ਉਹਨਾਂ ਦੀ ਧੀ ਦਾ 1 ਦਸੰਬਰ ਨੂੰ ਵਿਆਹ ਹੈ। ਗੁਰਪ੍ਰੀਤ ਦੇ ਮਾਪਿਆਂ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਵਿਆਹ ਦਾ ਸੱਦਾ ਦੇਣ ਵਾਸਤੇ ਸੁਲਤਾਨਪੁਰ ਲੋਧੀ ਆਇਆ ਸੀ ਅਤੇ ਉਸਦਾ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ ਨਾਲ ਕੋਈ ਸਬੰਧ ਨਹੀਂ ਹੈ।
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਨਿਰਦੋਸ਼ ਲੋਕਾਂ ਨੂੰ ਕੇਸ ਵਿਚ ਫਸਾਇਆ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਬਾਬਾ ਬਲਬੀਰ ਸਿੰਘ ਦੀ ਮਦਦ ਕਰਨਾ ਚਾਹੁੰਦੇ ਹਨ ਤੇ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਉਹਨਾਂ ਦਾ ਗੁਰਦੁਆਰਾ ਅਕਾਲ ਬੁੰਗਾ ’ਤੇ ਕਬਜ਼ਾ ਹੋ ਜਾਵੇ ਕਿਉਂਕਿ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਬਾਬਾ ਬਲਬੀਰ ਸਿੰਘ ਵੱਲੋਂ ਚਲਾਏ ਜਾ ਰਹੇ ਸਕੂਲ ਵਿਚ ਅਧਿਆਪਕ ਰਹੀ ਹੈ। ਉਹਨਾਂ ਕਿਹਾ ਕਿ ਕੇਸ ਵਿਚ ਨਿਰਦੋਸ਼ਾਂ ਲੋਕਾਂ ਨੂੰ ਨਹੀਂ ਫਸਾਇਆ ਜਾਣਾ ਚਾਹੀਦਾ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਸੱਤਾ ਦੀ ਦੁਰਵਰਤੋਂ ਕਰ ਰਹੇ ਹਨ ਤੇ ਅਸੀਂ ਇਸਦਾ ਪੁਰਜ਼ੋਰ ਵਿਰੋਧ ਕਰਦੇ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਕਾਨੂੰਨੀ ਕਾਰਵਾਈ ਕਰਦਿਆਂ ਯਕੀਨੀ ਬਣਾਏਗਾ ਕਿ ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਝੂਠੇ ਕੇਸ ਵਿਚ ਨਾ ਫਸਾਇਆ ਜਾਵੇ।