ताज़ा खबरपंजाब

ਕਮਿਸ਼ਨਰੇਟ ਪੁਲਿਸ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਚੌਕਸੀ ਵਧਾਈ : CP ਸਵਪਨ ਸ਼ਰਮਾ

ਇਸ ਸਬੰਧੀ ਰਣਨੀਤੀ ਘੜਨ ਲਈ ਕਮਿਸ਼ਨਰੇਟ ਪੁਲਿਸ ਅਤੇ ਆਰਏਐਫ ਵਿਚਕਾਰ ਹੋਈ ਮੁੱਢਲੀ ਮੀਟਿੰਗ

ਜਲੰਧਰ, 12 ਜਨਵਰੀ (ਕਬੀਰ ਸੌਂਧੀ) : ਆਗਾਮੀ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਰੈਪਿਡ ਐਕਸ਼ਨ ਫੋਰਸ ਦੇ ਨਾਲ ਫਲੈਗ ਮਾਰਚ ਕੱਢਿਆ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਆਉਣ ਵਾਲੇ ਜਸ਼ਨਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖ਼ਤ ਚੌਕਸੀ ਰੱਖਣ ਲਈ ਤਾਇਨਾਤ ਕੀਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਰੋਕਣ ਲਈ ਸ਼ਹਿਰ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ ਜਿਸ ਲਈ ਪੁਲਿਸ ਅਧਿਕਾਰੀਆਂ ਦੀਆਂ ਵੱਖ-ਵੱਖ ਗਸ਼ਤ ਪਾਰਟੀਆਂ ਲਗਾਈਆਂ ਗਈਆਂ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ ਰੱਖਣ ਲਈ ਸੀਨੀਅਰ ਅਧਿਕਾਰੀਆਂ ਨੂੰ ਸ਼ਹਿਰ ‘ਚ ਰਾਤ ਸਮੇਂ ਨਾਕੇਬੰਦੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਇਸੇ ਤਰ੍ਹਾਂ ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਲੋਕਾਂ ਵਿੱਚ ਵਿਸ਼ਵਾਸ਼ ਪੈਦਾ ਕਰਨ, ਉਨ੍ਹਾਂ ਦੇ ਮਨੋਬਲ ਨੂੰ ਵਧਾਉਣ, ਔਰਤਾਂ ਦੇ ਸਸ਼ਕਤੀਕਰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਸਾਂਝੇ ਤੌਰ ‘ਤੇ ਇਸ ਸਬੰਧ ਵਿੱਚ ਰਣਨੀਤੀ ਤਿਆਰ ਕਰੇਗੀ, ਜਿਸ ਲਈ ਅੱਜ ਇੱਕ ਮੁਢਲੀ ਮੀਟਿੰਗ ਕੀਤੀ ਗਈ ਜਿਸ ਵਿੱਚ ਡਿਪਟੀ ਕਮਾਂਡੈਂਟ ਸ੍ਰੀ ਸੋਨੇਲਾਲ ਸਾਹੂ ਨੇ ਡੀ.ਸੀ.ਪੀ ਲਾਅ ਐਂਡ ਆਰਡਰ ਸ੍ਰੀ ਅੰਕੁਰ ਗੁਪਤਾ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਅਜਿਹੀਆਂ ਹੋਰ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖਤ ਕੀਤੀ ਜਾ ਸਕੇ ਅਤੇ ਇਨ੍ਹਾਂ ਖੇਤਰਾਂ ਵਿੱਚ ਚੌਕਸੀ ਵਧਾਈ ਜਾ ਸਕੇ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨਰੇਟ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Related Articles

Leave a Reply

Your email address will not be published.

Back to top button