ਜਲੰਧਰ, 12 ਜਨਵਰੀ (ਕਬੀਰ ਸੌਂਧੀ) : ਨਸ਼ਾ ਤਸਕਰਾਂ ‘ਤੇ ਹੋਰ ਸ਼ਿਕੰਜਾ ਕੱਸਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਇੱਕ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਇੱਕ ਗਿਰੋਹ ਨਸ਼ਿਆਂ ਦੀ ਤਸਕਰੀ ਵਿੱਚ ਸਰਗਰਮ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਫੜਨ ਲਈ ਚੌਕਸੀ ਤੇਜ਼ ਕਰ ਦਿੱਤੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗਠਿਤ ਸਪੈਸ਼ਲ ਸੈੱਲ ਨੇ ਗਰੋਹ ਦੇ ਇੱਕ ਅਹਿਮ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਸ਼ੀਰਪੁਰਾ ਟੀ ਪੁਆਇੰਟ ‘ਤੇ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ ਪੁਲਿਸ ਪਾਰਟੀ ਨੇ ਗੁਰੂ ਨਾਨਕਪੁਰਾ ਜਲੰਧਰ ਸਾਈਡ ਤੋਂ ਇੱਕ ਸਿਲਵਰ ਮਾਰੂਤੀ ਕਾਰ ਦੇਖੀ। ਉਨ੍ਹਾਂ ਦੱਸਿਆ ਕਿ ਕਾਰ ਨੂੰ ਸ਼ੱਕ ਪੈਣ ‘ਤੇ ਪੁਲਸ ਪਾਰਟੀ ਨੇ ਰੋਕ ਕੇ ਗੱਡੀ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਕਿਲੋ ਹੈਰੋਇਨ ਬਰਾਮਦ ਕਰਕੇ ਦੋਸ਼ੀ ਦੀ ਪਹਿਚਾਣ ਪ੍ਰਭਜੋਤ ਸਿੰਘ (ਉਮਰ 33 ਸਾਲ) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਠੱਠੀ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਅਨੁਸਾਰ ਐਫ.ਆਈ.ਆਰ ਨੰ. 4 ਮਿਤੀ 11.01.2024 ਅਧੀਨ 21ਸੀ-61-85 ਐਨਡੀਪੀਐਸ ਐਕਟ ਥਾਣਾ ਨਵੀ ਬਾਰਾਦਰੀ ਵਿਖੇ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਨਸ਼ਿਆਂ ਵਿਰੁੱਧ ਆਪਣੀ ਲੜਾਈ ਵਿੱਚ ਪਿਛਲੇ ਮਹੀਨੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ 29 ਵੱਖ-ਵੱਖ ਐਫਆਈਆਰਜ਼ ਵਿੱਚ 4.45 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਬਰਾਮਦ ਕੀਤੀ ਹੈ।