ਡਿਪਟੀ ਕਮਿਸ਼ਨਰ ਵਲੋਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ-ਵਿਜ਼ਲ ਐਪ ’ਤੇ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ
ਕਿਹਾ – ਹੈਲਪਲਾਈਨ 1950 ’ਤੇ ਪ੍ਰਾਪਤ 236 ਸ਼ਿਕਾਇਤਾਂ ਦੇ ਨਾਲ-ਨਾਲ ਐਨ.ਜੀ.ਆਰ.ਐਸ.ਪੋਰਟਲ ਅਤੇ ਆਫ਼ਲਾਈਨ ਸ਼ਿਕਾਇਤਾਂ ਦਾ ਵੀ ਕੀਤਾ ਨਿਪਟਾਰਾ
ਜਲੰਧਰ, 16 ਮਈ (ਕਬੀਰ ਸੌਂਧੀ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੀ-ਵਿਜ਼ਲ ਐਪ ’ਤੇ ਪ੍ਰਾਪਤ ਸਾਰੀਆਂ 421 ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ 26 ਸ਼ਿਕਾਇਤਾਂ, ਵਿਧਾਨ ਸਭਾ ਹਲਕਾ ਜਲੰਧਰ ਕੈਂਟ ਵਿੱਚ 87, ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਵਿੱਚ 61, ਵਿਧਾਨ ਸਭਾ ਹਲਕਾ ਜਲੰਧਰ ਉਤਰੀ ਵਿੱਚ 127, ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ 64, ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ 30, ਵਿਧਾਨ ਸਭਾ ਹਲਕਾ ਨਕੋਦਰ ਵਿੱਚ 10, ਵਿਧਾਨ ਸਭਾ ਹਲਕਾ ਫਿਲੌਰ ਵਿੱਚ 10 ਅਤੇ ਵਿਧਾਨ ਸਭਾ ਹਲਕਾ ਸ਼ਾਹਕੋਟ ਵਿੱਚ 06 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਸਬੰਧਿਤ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ 100 ਮਿੰਟ ਦੇ ਨਿਰਧਾਰਿਤ ਸਮੇਂ ਦੇ ਵਿੱਚ-ਵਿੱਚ ਨਿਪਟਾਰਾ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕੋਈ ਕਾਰਵਾਈ ਧਿਆਨ ਵਿੱਚ ਆਉਂਦੀ ਹੈ ਤਾਂ ਉਸ ਦੇ ਤੁਰੰਤ ਨਿਪਟਾਰੇ ਲਈ ਸੀ-ਵਿਜ਼ਲ ਐਪ ’ਤੇ ਸ਼ਿਕਾਇਤ ਕੀਤੀ ਜਾਵੇ।
ਉਨ੍ਹਾਂ ਜ਼ਿਕਰ ਕੀਤਾ ਕਿ ਲੋਕ ਇਸ ਐਪ ਨੂੰ ਪਲੇਅ ਸਟੋਰ ਵਿੱਚ ਜਾ ਕੇ ਡਾਊਨਲੋਡ ਕਰ ਸਕਦੇ ਹਨ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਦੇ ਸਬੂਤਾਂ ਜਿਵੇਂ ਕਿ ਫੋਟੋਆਂ ਅਤੇ ਵੀਡੀਓ ਅਪਲੋਡ ਕਰ ਸਕਦੇ ਹਨ ਜਿਸ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 100 ਮਿੰਟ ਦੇ ਨਿਸ਼ਚਿਤ ਸਮੇਂ ਵਿੱਚ ਹੱਲ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਸੀ-ਵਿਜ਼ਲ ਐਪ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਗਿਆ ਹੈ।
ਚੋਣਾਂ ਦੌਰਾਨ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੀਤੀ ਗਈ ਸੁਚੱਜੀ ਵਿਵਸਥਾ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ 181 ਸ਼ਿਕਾਇਤਾਂ ਆਫ਼ਲਾਈਨ ਪ੍ਰਾਪਤ ਹੋਈਆਂ ਸਨ ਜਿਨਾਂ ਦਾ ਵੀ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 46 ਸ਼ਿਕਾਇਤਾਂ ਐਨ.ਜੀ.ਆਰ.ਐਸ. ਪੋਰਟਲ ਰਾਹੀਂ ਅਤੇ 9 ਸ਼ਿਕਾਇਤਾਂ ਹੈਲਪਲਾਈਨ ਨੰਬਰ 1950 ’ਤੇ ਪ੍ਰਾਪਤ ਕੀਤੀਆਂ ਗਈਆਂ ਸਨ ਜਿਨਾਂ ਦਾ ਵੀ ਸਬੰਧਿਤ ਅਧਿਕਾਰੀਆਂ ਵਲੋਂ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 1400 ਦੇ ਕਰੀਬ ਵਿਅਕਤੀਆਂ ਵਲੋਂ ਹੈਲਪਲਾਈਨ ਨੰਬਰ 1950 ’ਤੇ ਚੋਣਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਜਾ ਚੁੱਕੀ ਹੈ।