ਬਾਬਾ ਬਕਾਲਾ ਸਾਹਿਬ/ਰਈਆ (ਸੁਖਵਿੰਦਰ ਬਾਵਾ,ਕਰਮਜੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਜਿਸ ਨਾਲ ਲੋਕਾਂ ਦੇ ਪੈਸਿਆਂ ਅਤੇ ਸਮੇਂ ਦੀ ਕਾਫੀ ਬੱਚਤ ਹੋ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸਰਦਾਰ ਦਲਬੀਰ ਸਿੰਘ ਟੌਂਗ ਨੇ ਰਈਆ ਦੇ ਨਹਿਰੀ ਵਿਸ਼ਰਾਮ ਘਰ ਵਿਖੇ ਕੈਂਪ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਭਾਰੀ ਬਾਰਿਸ਼ ਦੌਰਾਨ ਵੀ ਲੋਕ ਇਨ੍ਹਾਂ ਕੈਂਪਾਂ ਵਿੱਚ ਪੁੱਜੇ ਹਨ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।
ਕੈਂਪ ਦਾ ਮੁਆਇਨਾ ਕਰਦੇ ਹੋਏ ਬਾਬਾ ਬਕਾਲਾ ਹਲਕਾ ਵਿਧਾਇਕ ਸਰਦਾਰ ਦਲਬੀਰ ਸਿੰਘ ਟੌਂਗ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ:ਡੀ:ਐਮ ਬਾਬਾ ਬਕਾਲਾ ਸਰਦਾਰ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲੇ ਦੀਆਂ ਸਬ ਡਵੀਜਨਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ।
ਐਸ.ਡੀ.ਐਮ ਸ੍ਰ ਅਰੋੜਾ ਨੇ ਦੱਸਿਆ ਕਿ ਭਾਰੀ ਬਾਰਿਸ਼ ਦੌਰਾਨ ਵੀ ਕਰੀਬ 125 ਵਿਅਕਤੀ ਇਸ ਕੈਂਪ ਵਿੱਚ ਪੁੱਜੇ ਅਤੇ 47 ਲੋਕਾਂ ਵੱਲੋਂ ਵੱਖ ਵੱਖ ਸੇਵਾਵਾਂ ਲੈਣ ਲਈ ਅਪਲਾਈ ਕੀਤਾ ਗਿਆ ਜਿਸ ਵਿੱਚੋਂ ਮੌਕੇ ਤੇ ਹੀ 12 ਵਿਅਕਤੀਆਂ ਨੂੰ ਸੇਵਾਵਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ। ਉਨ੍ਹਾ ਦੱਸਿਆ ਕਿ ਜਿਆਦਾ ਅਰਜੀਆਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਹਨ ਜੋ ਕਿ ਵਿਭਾਗ ਨੂੰ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਸਬੰਧਤ ਵਿਭਾਗ ਵੱਲੋਂ ਪੋਰਟਲ ਖੁਲਣ ਤੇ ਨਿਪਟਾਰਾ ਕਰ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ,ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਰਮਜੀਤ ਕੋਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।