ਬਠਿੰਡਾ, 9 ਅਪ੍ਰੈਲ (ਸੁਰੇਸ਼ ਰਹੇਜਾ) : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ’ਚ ਕਣਕ ਦੀ ਸਰਕਾਰੀ ਖਰੀਦ 10 ਅਪ੍ਰੈਲ 2021 ਨੂੰ ਸ਼ੁਰੂ ਹੋਵੇਗੀ। ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਪੂਰੀ ਤਰਾਂ ਸੁੱਕੀ ਤੇ ਸਾਫ਼-ਸੁਥਰੀ ਫ਼ਸਲ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਖ਼ਰੀਦ ਪ੍ਰਿਆ ਦੇ ਦੌਰਾਨ ਕਿਸਾਨਾਂ ਨੂੰ ਕਿਸੇ ਨੂੰ ਵੀ ਕਿਸੇ ਤਰਾਂ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।
ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਅਨਾਜ ਮੰਡੀਆਂ ਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਦੇ ਲਈ ਸ਼ੈਡ, ਪੀਣ ਦਾ ਪਾਣੀ ਅਤੇ ਰੋਸ਼ਨੀ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ। ਜ਼ਿਲੇ ਦੀਆਂ ਮੰਡੀਆਂ ਵਿੱਚ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਸਫਾਈ ਦੀ ਵਿਵਸਥਾ ਦੇ ਕਾਰਜ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਲਈ ਸਾਫ਼ ਪੀਣ ਵਾਲੇ ਪਾਣੀ ਦਾ ਖ਼ਾਸ ਪ੍ਰਬੰਧ ਕੀਤਾ ਜਾ ਰਿਹਾ। ਉਨਾਂ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਵਲੋਂ ਖਰੀਦਿਆ ਜਾਵੇਗਾ।
ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ਼੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪਿਛਲੇ ਸਾਲ 10 ਲੱਖ 1 ਹਜ਼ਾਰ 76 ਐਮ.ਟੀ. ਕਣਕ ਦੀ ਫਸਲ ਦੀ ਖਰੀਦ ਕੀਤੀ ਗਈ ਸੀ, ਜਦਕਿ ਇਸ ਵਾਰ 10 ਲੱਖ 31 ਹਜ਼ਾਰ 130 ਐਮ.ਟੀ. ਕਣਕ ਆਉਣ ਦਾ ਅਨੁਮਾਨ ਹੈ। ਉਨਾਂ ਦੱਸਿਆ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਨੂੰ ਵੀ ਕਿਸੇ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫ਼ਸਰ ਸ਼੍ਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆਂ ਕੁੱਲ 183 ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ। ਖ਼ਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇੇ ਹਨ।