ਬਠਿੰਡਾ, 09 ਅਪ੍ਰੈਲ (ਸੁਰੇਸ਼ ਰਹੇਜਾ) : ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪਿਛਲੇ ਸਾਲ ਡੇਂਗੂ ਅਤੇ ਮਲੇਰੀਆਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਸਬੰਧੀ ਜਿੱਥੇ ਜਾਣਕਾਰੀ ਸਾਂਝੀ ਕੀਤੀ ਗਈ ਉੱਥੇ ਨਵੇਂ ਵਿੱਤੀ ਸਾਲ ਵਿੱਚ ਕੀਤੀਆਂ ਜਾਣ ਵਾਲੀਆਂ ਲੋੜੀਂਦੀਆਂ ਕਾਰਵਾਈਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ।
ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਬਰਾੜ ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ ਵਿੱਚ ਡੇਂਗੂ ਅਤੇ ਮਲੇਰੀਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲਾਰਵੇ ਸਬੰਧੀ ਚੈਕਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਲੋਕਾਂ ਦੇ ਘਰਾਂ ਅਤੇ ਦਫ਼ਤਰਾਂ ਵਿੱਚ ਪਏ ਗਮਲਿਆਂ, ਕਬਾੜ ਦੀਆਂ ਦੁਕਾਨਾਂ, ਟਾਇਰਾਂ ਦੇ ਪੈਂਚਰ ਵਾਲੀਆਂ ਦੁਕਾਨਾਂ, ਪੁਲਿਸ ਸਟੇਸ਼ਨਾਂ, ਰੇਲਵੇ ਸਟੇਸ਼ਨ, ਬੱਸ ਸਟੈਂਡ, ਟਰੱਕ ਯੂਨੀਅਨ ਆਦਿ ਦੀ ਖਾਸ ਤੌਰ ‘ਤੇ ਚੈਕਿੰਗ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨਾਂ ਪਾਣੀ ਦੀ ਲੀਕੀਜ਼ ਵਾਲੇ ਸਥਾਨਾਂ ਦੀ ਖਾਸ ਤੌਰ ‘ਤੇ ਚੈਕਿੰਗ ਕਰਨ ਲਈ ਹਦਾਇਤ ਕੀਤੀ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆਂ ਤੋਂ ਬਚਣ ਲਈ ਧਾਰਮਿਕ ਸਥਾਨਾਂ ਤੇ ਮੁਨਿਆਦੀ ਕਰਵਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨਾਂ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਵਿੱਚ ਪਾਣੀ ਦੀਆਂ ਟੈਕੀਆਂ ਦੀ ਹਰ ਸ਼ੁੱਕਰਵਾਰ ਸਫਾਈ ਕਰਵਾਉਣੀ ਯਕੀਨੀ ਬਣਾਉਣ।
ਇਸ ਮੌਕੇ ਜ਼ਿਲਾ ਮਲੇਰੀਆਂ ਅਫ਼ਸਰ ਡਾ.ਸੁਮੀਤ ਨੇ ਦੱਸਿਆ ਕਿ ਮਲੇਰੀਆਂ ਅਤੇ ਡੇਂਗੂ ਦੀ ਰੋਕਥਾਮ ਲਈ ਜ਼ਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਲੇਰੀਆਂ ਅਤੇ ਡੇਂਗੂ ਦਾ ਇਲਾਜ ਅਤੇ ਟੈਸਟ ਮੁਫਤ ਕੀਤੇ ਜਾਂਦੇ ਹਨ। ਉਨਾਂ ਕਿਹਾ ਕਿ ਇਨਾਂ ਦੋਵਾਂ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਲੋਕਾਂ ਨੂੰ ਜਾਗਰੂਕ ਅਤੇ ਲਾਰਵੇ ਦੀ ਚੈਕਿੰਗ ਲਗਾਤਾਰ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲਾ ਵਿਕਾਸ ਅਤੇ ਪੰਚਾਇਤ ਵਿਭਾਗ, ਖੇਤੀਬਾੜੀ ਵਿਭਾਗ, ਵਾਟਰ ਸਪਲਾਈ, ਨਗਰ ਨਿਗਮ, ਸੀਵਰੇਜ਼ ਬੋਰਡ, ਮੱਛੀ ਪਾਲਣ, ਨਹਿਰੀ ਵਿਭਾਗ ਅਤੇ ਬੀ ਐਂਡ ਆਰ ਆਦਿ ਦੇ ਅਧਿਕਾਰੀਆ ਵੱਲੋਂ ਆਪੋ-ਆਪਣੇ ਵਿਭਾਗਾਂ ਵਿੱਚ ਡੇਂਗੂ ਅਤੇ ਮਲੇਰੀਆਂ ਦੀ ਰੋਕਥਾਮ ਅਤੇ ਜਾਗਰੂਕਤਾ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਕਰੋਨਾਂ ਤੋਂ ਬਚਾਅ ਲਈ ਕੀਤੀ ਜਾ ਰਹੀ ਵੈਕਸੀਨੈਸ਼ਨ ਲਈ 45 ਤੋਂ ਉਚੇਰੀ ਉਮਰ ਦੇ ਹਰ ਅਧਿਕਾਰੀ ਅਤੇ ਕਰਮਚਾਰੀ ਨੂੰ ਕਰੋਨਾ ਵੈਕਸੀਨੈਸ਼ਨ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ। ਉਨਾ ਇਹ ਵੀ ਦੱਸਿਆ ਕਿ ਹਰ ਵਿਭਾਗ ਕੈਂਪ ਲਗਾ ਕੇ 100 ਤੱਕ ਕਰਮਚਾਰੀਆਂ ਨੂੰ ਇਕੱਤਰ ਕਰਵਾ ਕੇੇ ਵੈਕਸੀਨੈਸ਼ਨ ਕਰਵਾ ਸਕਦੇ ਹਨ।
ਇਸ ਮੌਕੇ ਜ਼ਿਲਾ ਟੀਕਾਕਰਨ ਅਫ਼ਸਰ ਡਾ.ਮੀਨਾਕਸ਼ੀ ਸਿੰਗਲਾ, ਸਹਾਇਕ ਸਿਵਲ ਸਰਜਨ ਡਾ.ਅਨੁਪਮਾ ਸ਼ਰਮਾ, ਜ਼ਿਲਾ ਬੀ.ਸੀ.ਸੀ ਸ੍ਰੀ ਨਰਿੰਦਰ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਸ਼ਾਮਿਲ ਹੋਏ।