ਹੁਸ਼ਿਆਰਪੁਰ (ਜਸਵੀਰ ਸਿੰਘ ਪੁਰੇਵਾਲ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਦੀਆਂ 85 ਮੰਡੀਆਂ ਵਿੱਚ ਸ਼ਨੀਵਾਰ ਨੂੰ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਚੱਲਦੇ ਖਰੀਦ ਦੇ ਦੌਰਾਨ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਦੇ ਲਈ ਪਾਸ ਸਿਸਟਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਬੇਵਜ੍ਹਾ ਮੰਡੀਆਂ ਵਿੱਚ ਇੰਤਜ਼ਾਰ ਨਾ ਕਰਨਾ ਪਵੇ ਅਤੇ ਸੁਚਾਰੂ ਤਰੀਕੇ ਦੇ ਨਾਲ ਖਰੀਦ ਨੂੰ ਸੰਪਨ ਬਣਾਇਆ ਜਾਵੇ। ਉਨ੍ਹਾਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਖਰੀਦ ਦੇ ਦੌਰਾਨ ਕੋਵਿਡ ਸਬੰਧੀ ਸਰਕਾਰ ਵਲੋਂ ਸਾਰੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਨੂੰ ਕਣਕ ਦੀ ਖਰੀਦ ਸੁਚਾਰੂ ਬਣਾਉਣ ਸਬੰਧੀ ਨਿਰਦੇਸ਼ ਦਿੰਦੇ ਹੋਏ ਦੱਸਿਆ ਕਿ ਇਸ ਸਾਲ 3,42,321 ਮੀਟ੍ਰਕ ਟਨ ਕਣਕ ਦੀ ਖਰੀਦ ਦੀ ਉਮੀਦ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਮਾਸਕ, ਸੈਨੇਟਾਈਜਰ ਤੋਂ ਇਲਾਵਾ ਕਿਸਾਨਾਂ ਨੂੰ ਹੱਥ ਧੋਣ ਲਈ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ, ਜਿਸ ਵਿੱਚ ਉਹ ਬਿਨ੍ਹਾਂ ਹੱਥ ਲਗਾਏ ਆਪਣੇ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿੱਚ ਲਿਫਟਿੰਗ ਨੂੰ ਲੈ ਕੇ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਣਕ ਦੀ ਐਮ.ਐਸ.ਪੀ. 1975 ਰੁਪਏ ਪ੍ਰਤੀ ਕੁਇੰਟਲ ਫਿਕਸ ਕੀਤੀ ਗਈ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਕਣਕ ਸੁੱਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਕਿਸਾਨਾਂ ਦੇ ਨਾਲ ਹਰ ਤਰ੍ਹਾਂ ਦਾ ਸਹਿਯੋਗ ਕਰ ਰਹੀਆਂ ਹਨ, ਇਸ ਲਈ ਕਿਸਾਨ ਜ਼ਿਆਦਾ ਨਮੀ ਵਾਲੀ ਕਣਕ ਦੀ ਫ਼ਸਲ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦੇਵੇਗਾ ਅਤੇ ਕਿਸਾਨ ਵੀ ਪੂਰਾ ਸਹਿਯੋਗ ਕਰਨ।
ਅਪਨੀਤ ਰਿਆਤ ਨੇ ਇਸ ਮੌਕੇ ਕਿਸਾਨਾਂ ਨੂੰ ਕਣਕ ਦੀ ਨਾੜ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ। ਉਨ੍ਹ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਉਪਜਾਊ ਸ਼ਕਤੀ ਵੀ ਘੱਟਦੀ ਹੈ। ਇਸ ਤੋਂ ਇਲਾਵਾ ਜ਼ਮੀਨ ਦੇ ਅੰਦਰ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਸ ਨਾਲ ਫ਼ਸਲ ਦਾ ਘੱਟ ਝਾੜ ਮਿਲਦਾ ਹੈ।